ਡੀਸੀ ਵੱਲੋਂ 'ਬੁੱਢਾ ਦਰੀਆ' ਨੂੰ ਸਾਫ਼ ਕਰਨ ਲਈ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ; ਬੂਟੇ ਲਗਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਨਿਰਦੇਸ਼ ਜਾਰੀ ਕੀਤੇ 

ਲੁਧਿਆਣਾ, 9 ਜੁਲਾਈ 2024 : ਡਿਪਟੀ ਕਮਿਸ਼ਨਰ (ਡੀ.ਸੀ.)-ਕਮ-ਨਗਰ ਨਿਗਮ (ਐੱਮ.ਸੀ.) ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਡੀਸੀ ਸਾਹਨੀ ਨੇ ਅਧਿਕਾਰੀਆਂ ਨੂੰ ਨਾਲੇ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ, ਡੀਆਰਓ ਗੁਰਜਿੰਦਰ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ), ਡਰੇਨੇਜ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨੁਮਾਇੰਦੇ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਸੰਸਦ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ਨਾਲੇ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਡੀਸੀ ਸਾਹਨੀ ਨੇ ਅਧਿਕਾਰੀਆਂ ਨੂੰ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਵਿੱਚ ਹਰਿਆਲੀ ਫੈਲਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ।