ਕੋਟਕਪੂਰਾ, 11 ਅਪ੍ਰੈਲ : ਮਨੁੱਖਤਾ ਅਤੇ ਵਾਤਾਵਰਨ ਦੀ ਸੇਵਾ ਨੂੰ ਸਮਰਪਿਤ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਵੱਲੋਂ ਲੋੜਵੰਦ 57 ਕੈਂਸਰ ਪੀੜਤ ਮਰੀਜ਼ਾਂ ਨੂੰ ਇਲਾਜ ਲਈ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ। ਸਥਾਨਕ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ ਵਿਖੇ ਰੱਖੇ ਸਾਦੇ ਸਮਾਗਮ ’ਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਸ਼ਾਮਲ ਹੋਏ। ਉਹਨਾਂ ਸੁਸਾਇਟੀ ਵਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸਾਨੂੰ ਲੋੜਵੰਦਾਂ ਦੀ ਰਲ-ਮਿਲ ਕੇ ਮੱਦਦ ਕਰਨੀ ਚਾਹੀਦੀ ਹੈ। ਸਪੀਕਰ ਸੰਧਵਾਂ ਨੇ ਮੰਨਿਆ ਕਿ ਜਿੱਥੇ ਸੁਸਾਇਟੀ ਵਲੋਂ ਵਾਤਾਵਰਣ ਦੀ ਸੰਭਾਲ ਲਈ ਵਧੀਆ ਕਾਰਜ ਕੀਤੇ ਜਾ ਰਹੇ ਹਨ, ਉੱਥੇ ਪਹਿਲੇ ਦਿਨ ਤੋਂ ਹੀ ਸੁਸਾਇਟੀ ਨੇ ਬੇਵੱਸ, ਲਾਚਾਰ, ਮੁਥਾਜ, ਜਰੂਰਤਮੰਦ ਅਤੇ ਵੱਖ ਵੱਖ ਬਿਮਾਰੀਆਂ ਤੋਂ ਪੀੜਤ ਮਰੀਜਾਂ ਦੀ ਅਵਾਜ ਬਣ ਕੇ ਉਹਨਾਂ ਨੂੰ ਆਉਂਦੀਆਂ ਮੁਸ਼ਕਿਲਾਂ ਤੇ ਪ੍ਰੇਸ਼ਾਨੀਆਂ ਦੇ ਹੱਲ ਲਈ ਮੋਹਰੀ ਰੋਲ ਨਿਭਾਇਆ ਹੈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਦੱਸਿਆ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣਾ ਵੀ ਸਮੇਂ ਦੀ ਮੁੱਖ ਲੋੜ ਹੈ।ਇਸ ਲਈ ਸਾਨੂੰ ਰਲ-ਮਿਲ ਕੇ ਜਹਿਰੀਲੇ ਹੋ ਰਹੇ ਧਰਤੀ, ਹਵਾ ਅਤੇ ਪਾਣੀ ਨੂੰ ਬਚਾਉਣ ਵਾਸਤੇ ਵੀ ਕਾਰਜ ਜਾਰੀ ਰੱਖਣੇ ਚਾਹੀਦੇ ਹਨ। ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਮੱਘਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਹ ਮਰੀਜ਼ ਫਰੀਦਕੋਟ, ਬਠਿੰਡਾ, ਸੰਗਰੂਰ, ਬਰਨਾਲਾ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਲੁਧਿਆਣਾ, ਮੁਕਤਸਰ ਆਦਿ ਜਿਲਿਆਂ ਨਾਲ ਸਬੰਧਤ ਹਨ, ਇਹ ਸਾਰੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਜੇਰੇ ਇਲਾਜ ਹਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਹਰਵਿੰਦਰ ਸਿੰਘ ਮਰਵਾਹ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਹਰੀਸ਼ ਵਰਮਾ, ਰਜਿੰਦਰ ਸਿੰਘ ਬਰਾੜ, ਜਗਜੀਵਨ ਸਿੰਘ, ਅਰੁਣਜੀਤ ਸਿੰਘ, ਜਗਤਾਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਮਾਨ ਮੌੜ, ਵਜਿੰਦਰ ਵਿਨਾਇਕ, ਗੁਰਮੀਤ ਸਿੰਘ ਸੰਧੂ, ਸਾਬਕਾ ਮੈਨੇਜਰ ਯੋਗੇਸ਼ ਗਰਗ ਅਤੇ ਮਨਦੀਪ ਸਿੰਘ ਆਦਿ ਵੀ ਹਾਜਰ ਸਨ।