ਬਰਨਾਲਾ, 1 ਦਸੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਾਈਕਲ ਰੈਲੀ ਨੂੰ ਅੱਜ ਮਿਤੀ 1 ਦਸੰਬਰ ਨੂੰ ਬਰਨਾਲਾ ਤੋਂ ਡਿਪਟੀ ਕਮਿਸ਼ਨਰ ਬਰਨਾਲਾ, ਸ਼੍ਰੀਮਤੀ ਪੂਨਮਦੀਪ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸਾਈਕਲ ਰੈਲੀ ਰਵਾਨਾ ਹੋਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਸਾਬਕਾ ਸੈਨਿਕਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਵੰਡੇ ਗਏ। ਇਹ ਰੈਲੀ ਬਰਨਾਲਾ ਤੋਂ ਮਲੇਰਕੋਟਲਾ ਲਈ ਰਵਾਨਾ ਹੋਈ ਜਦੋਂ ਕਿ ਅਗਲੇ ਪੜ੍ਹਾਅ ਪੂਰੇ ਕਰਦੀ ਹੋਈ ਮਿਤੀ 07 ਦਸੰਬਰ 2023 ਨੂੰ ਝੰਡਾ ਦਿਵਸ ਮੌਕੇ ਵਾਪਸ ਰਾਜ ਭਵਨ, ਚੰਡੀਗੜ੍ਹ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ। ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨ ਹਮੇਸ਼ਾ ਹੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਹੋ ਕੇ ਦੇਸ਼ ਸੇਵਾ ਕਰਦੇ ਰਹੇ ਹਨ। ਇਹ ਸਾਈਕਲ ਰੈਲੀ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰੇਗੀ ਅਤੇ ਉਨ੍ਹਾਂ ਨੂੰ ਸੁਰੱਖਿਆ ਸੈਨਾਵਾਂ ਵਿਚ ਭਰਤੀ ਹੋਣ ਲਈ ਪ੍ਰੇਰਿਤ ਕਰੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਰੈਲੀ ਦਾ ਮੁੱਖ ਮੰਤਵ ਅਤੇ ਮੁੱਖ ਉਦੇਸ਼ ਲੋਕਾਂ ਵਿੱਚ ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ, ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ, ਉਨ੍ਹਾਂ ਨੂੰ ਝੰਡਾ ਦਿਵਸ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਵੱਧ ਤੋ ਵੱਧ ਯੋਗਦਾਨ ਦੇਣ ਲਈ ਉਤਸ਼ਾਹਿਤ ਕਰਨਾ ਹੈ। ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਲੋਕਾਂ ਨੂੰ ਝੰਡਾ ਦਿਵਸ ਫੰਡ ਵਿੱਚ ਵੱਧ ਤੋਂ ਵੱਧ ਰਾਸ਼ੀ ਦਾਨ ਦੇਣ ਦੀ ਅਪੀਲ ਕੀਤੀ ਗਈ। ਇਸ ਮੌਕੇ ਆਨਰੇਰੀ ਲੈਫਟੀਨੈਂਟ ਗੁਰਦਰਸ਼ਨ ਸਿੰਘ, ਆਨਰੇਰੀ ਲੈਫਟੀਨੈਂਟ ਸੁਖਪਾਲ ਸਿੰਘ, ਸੂਬੇਦਾਰ ਸਰਬਜੀਤ ਸਿੰਘ, ਨਾਇਬ ਸੂਬੇਦਾਰ ਮਹਿੰਦਰ ਸਿੰਘ, ਕਮਾਂਡਰ ਬਲਜਿੰਦਰ ਵਿਰਕ (ਰਿਟਾ:) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਬਰਨਾਲਾ, ਸਮੂਹ ਸਟਾਫ ਅਤੇ ਸਾਬਕਾ ਸੈਨਿਕ ਵੀ ਮੌਜੂਦ ਸਨ।