- ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ
ਫਤਹਿਗੜ੍ਹ ਸਾਹਿਬ: 02 ਜਨਵਰੀ : ਦੇਸ਼ ਵਿੱਚ ਟਰੱਕ ਆਪ੍ਰੇਟਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪ੍ਰਭਾਵਿਤ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪੈਟਰੋਲ ਪੰਪ ਮਾਲਕਾਂ ਅਤੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਇੱਕ ਰੀਵਿਊ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪੈਟਰੋਲ ਪੰਪ ਮਾਲਕਾਂ ਨੂੰ ਕਿਹਾ ਕਿ ਉਹ ਟਰੱਕ ਆਪ੍ਰੇਟਰਾਂ ਨਾਲ ਤਾਲਮੇਲ ਕਰਕੇ ਉਹਨਾਂ ਨੂੰ ਡੀਜ਼ਲ ਅਤੇ ਪੈਟਰੋਲ ਲਿਆਉਣ ਲਈ ਸਿਹਮਤ ਕਰਨ ਤਾਂ ਜੋ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਡੀਜ਼ਲ ਅਤੇ ਪੈਟਰੋਲ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਓਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਐਮਰਜੈਂਸੀ ਸੇਵਾਵਾਂ ਕਿਸੇ ਵੀ ਹਾਲਤ ਵਿੱਚ ਪ੍ਰਭਾਵਿਤ ਨਹੀਂ ਹੋਣੀਆਂ ਚਾਹੀਦੀਆਂ। ਉਹਨਾਂ ਪੈਟਰੋਲ ਪੰਪ ਮਾਲਕਾਂ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੱਡੀਆਂ ਅਤੇ ਡਰਾਈਵਰਾਂ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਜਾਣਗੇ। ਸ੍ਰੀਮਤੀ ਸ਼ੇਰਗਿੱਲ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੈਟਰੋਲ ਅਤੇ ਡੀਜ਼ਲ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਹੱਲ ਕੱਢਣ। ਇਸ ਤੋਂ ਇਲਾਵਾ ਉਹਨਾਂ ਪੈਟਰੋਲ ਕੰਪਨੀਆਂ ਦੇ ਅਧਿਕਾਰੀਆਂ ਨੂੰ ਵੀ ਪੂਰਾ-ਪੂਰਾ ਸਹਿਯੋਗ ਦੇਣ ਲਈ ਕਿਹਾ ਅਤੇ ਹਰ ਸੰਭਵ ਯਤਨ ਕਰਕੇ ਜ਼ਿਲ੍ਹੇ ਵਿੱਚ ਡੀਜ਼ਲ ਅਤੇ ਪੈਟਰੋਲ ਦੀ ਨਿਰਵਿਘਨ ਸਪਲਾਈ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ, ਲੋਕਾਂ ਤੱਕ ਡੀਜਲ ਅਤੇ ਪੈਟਰੋਲ ਪੁੱਜਦਾ ਕੀਤਾ ਜਾਵੇਗਾ, ਓਹਨਾਂ ਇਹ ਵੀ ਅਪੀਲ ਕੀਤੀ ਕਿ ਲੋਕ ਡੀਜ਼ਲ ਅਤੇ ਪੈਟਰੋਲ ਦੀ ਸੰਜਮ ਨਾਲ ਵਰਤੋਂ ਕਰਨ ਤਾਂ ਜੋ ਹਰ ਇੱਕ ਨੂੰ ਲੋੜ ਮੁਤਾਬਕ ਤੇਲ ਮਿਲ ਸਕੇ। ਇਸ ਮੌਕੇ ਐਸ.ਪੀ.ਡੀ. ਸ੍ਰੀ ਰਾਕੇਸ਼ ਯਾਦਵ, ਐਸ.ਡੀ.ਐਮ.ਫਤਹਿਗੜ੍ਹ ਸਾਹਿਬ, ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਪ੍ਰੋਮਿਲਾ ਸ਼ਰਮਾ, ਫੂਡ ਅਤੇ ਸਪਲਾਈ ਕੰਟਰੋਲਰ ਐਚ.ਐਸ.ਬਰਾੜ, ਪੈਟਰੋਲ ਪੰਪ ਮਾਲਕਾਂ ਦੇ ਨੁਮਾਇੰਦੇ ਲਖਬੀਰ ਸਿੰਘ ਥਾਬੜਾ ਅਤੇ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।