ਰੂਪਨਗਰ, 3 ਮਈ : ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਵਿੱਚ ਆਉਣ ਵਾਲੇ ਰੂਪਨਗਰ ਜ਼ਿਲ੍ਹੇ ਦੇ 10 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉਜੱਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਜਬੂਤ ਇਰਾਦਿਆਂ ਨਾਲ ਜ਼ਿੰਦਗੀ ਦਾ ਕੋਈ ਵੀ ਟੀਚਾ ਹਾਸਿਲ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਧ ਤੋਂ ਵੱਧ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਤੁਸੀਂ ਕਿਸੇ ਵੀ ਖੇਤਰ ਵਿੱਚ ਜਾ ਕੇ ਆਪਣੀਆਂ ਬੇਹਤਰੀਨ ਸੇਵਾਵਾਂ ਦੇ ਕੇ ਤਰੱਕੀ ਕਰ ਸਕਦੇ ਹੋ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਮੈਰਿਟ ਵਿੱਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀ ਮਨਮੀਤ ਸਿੰਘ, ਮਾਧਵ, ਰਿਤਿਕਾ ਸੈਣੀ, ਨੰਦਨੀ, ਇਸ਼ਾਨੀ, ਜਸ਼ਨਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਮਨਜੋਤ ਕੌਰ, ਅੱਵਲ ਕੌਰ ਨਾਲ ਗੱਲਬਾਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਇਸ ਸਮਾਗਮ ਵਿੱਚ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਸਕੂਲਾਂ ਵਿੱਚ ਸੁਧਾਰ ਕਰਨ ਅਤੇ ਸਿੱਖਿਆ ਨੂੰ ਮਜਬੂਤ ਕਰਨ ਲਈ ਆਪਣੇ ਸੁਝਾਅ ਦੇਣ ਲਈ ਕਿਹਾ ਜਿਸ ਉਪਰੰਤ ਵਿਦਿਆਰਥੀਆਂ ਵਲੋਂ ਸਕੂਲਾਂ ਵਿੱਚ ਅੱਪਗਰੇਡ, ਮਿਡਲ ਜਾ ਹਾਈ ਸਕੂਲ ਤੋਂ ਸੀਨੀਅਰ ਸੈਕੰਡਰੀ ਸਕੂਲ ਕਰਨ, ਚੰਗੇ ਖੇਡ ਮੈਦਾਨਾਂ ਦੇ ਵਿੱਚ ਸੁਧਾਰ ਕਰਨ ਦੀ ਮੰਗ ਕੀਤੀ। ਡਾ. ਪ੍ਰੀਤੀ ਯਾਦਵ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਨ੍ਹਾਂ ਵਲੋਂ ਕੀਤੀਆਂ ਗਈਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ ਇਸ ਸਮਾਗਮ ਵਿੱਚ ਪਹੁੰਚੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜ਼ਿਲ੍ਹਾ ਪ੍ਰਸ਼ਾਸਨ ਦਾ ਚੰਗਾ ਉਪਰਾਲਾ ਹੈ ਕਿ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਤੋਂ ਸਕੂਲ ਸਿੱਖਿਆ ਵਿੱਚ ਹੋਰ ਸੁਧਾਰ ਕਰਨ ਲਈ ਸੁਝਾਅ ਮੰਗੇ ਹੋਏ ਹੋਣ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਅੱਗੇ ਵੀ ਉਲੀਕੇ ਜਾਣ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰ ਪਾਲ ਸਿੰਘ ਸੋਮਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ਼੍ਰੀ ਪ੍ਰੇਮ ਕੁਮਾਰ ਮਿੱਤਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ. ਸੁਰਿੰਦਰਪਾਲ ਸਿੰਘ, ਪ੍ਰਿੰਸੀਪਲ ਸ਼੍ਰੀ ਵਰਿੰਦਰ ਸ਼ਰਮਾ, ਜ਼ਿਲ੍ਹਾ ਸਪੋਰਟਸ ਕੋਆਰਡੀਨਟਰ ਸ਼੍ਰੀਮਤੀ ਸ਼ਰਨਜੀਤ ਕੌਰ ਸਮੇਤ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।