ਡਿਪਟੀ ਕਮਿਸ਼ਨਰ ਨੇ ਪਰਾਲੀ ਦੀ ਸੰਭਾਲ ਲਈ ਹੁਕਮ ਕੀਤੇ ਜਾਰੀ

  • ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀ ਮਸ਼ੀਨਰੀ ਸਬਸਿਡੀ ਰੇਟਾਂ ਤੇ ਮੁਹੱਈਆ ਕਰਵਾਉਣ ਲਈ ਅਧਿਕਾਰੀ ਨਿਯੁਕਤ
  • ਸਹਿਕਾਰੀ ਸਭਾਵਾਂ, ਪੰਚਾਇਤਾਂ ਪਾਸ ਮਸ਼ੀਨਰੀ ਸਾਂਝੀਆਂ ਥਾਵਾਂ ਤੇ ਰੱਖਣ ਦੇ ਆਦੇਸ਼

ਫਰੀਦਕੋਟ 1 ਅਕਤੂਬਰ 2024 : ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਨੀਤ ਕੁਮਾਰ ਨੇ ਹੁਕਮ ਜਾਰੀ ਕਰਕੇ ਜਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨਾਂ ਲਈ ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਪ੍ਰਾਈਵੇਟ ਵਿਅਕਤੀਆਂ  ਨੂੰ ਖੇਤੀ ਮਸ਼ੀਨਰੀ ਸਬਸਿਡੀ ਰੇਟਾਂ ਤੇ ਮੁਹੱਈਆ ਕਰਵਾਉਣ ਅਤੇ ਕਿਸਾਨਾਂ ਦੀਆਂ ਮਸ਼ੀਨਰੀ ਸਬੰਧੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਹੈ, ਤਾਂ ਜੋ ਕਿਸਾਨ ਇਸ ਮਸ਼ੀਨਰੀ ਰਾਹੀਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਭਵਿੱਖ ਵਿੱਚ ਪਰਾਲੀ ਦੀ ਵਰਤੋਂ ਲਈ ਸੁੱਚਜੇ ਤਰੀਕੇ ਨਾਲ ਸਾਂਭ ਸੰਭਾਲ ਕਰ ਸਕਣ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਮਸ਼ੀਨਰੀ ਦੀ ਉਪਲਬਧਤਾ ਸਬੰਧੀ ਆਮ ਲੋਕਾਂ ਅਤੇ ਕਿਸਾਨਾਂ ਨੂੰ ਪੂਰਨ ਤੌਰ ਤੇ ਜਾਣਕਾਰੀ ਨਹੀਂ ਹੈ ਅਤੇ ਮਸ਼ੀਨਰੀ ਰੱਖਣ ਵਾਲੇ ਕਿਸਾਨਾਂ ਨੂੰ ਮੰਗਣ ਦੇ ਬਾਵਜੂਦ ਵੀ ਮਸ਼ੀਨਰੀ ਮੁਹੱਈਆ ਨਹੀਂ ਕਰਵਾਉਂਦੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਮੌਜੂਦ ਜਿੰਮੀਦਾਰਾਂ, ਸੁਸਾਇਟੀਆਂ ਅਤੇ ਪੰਚਾਇਤਾਂ ਪਾਸ ਮੌਜੂਦ ਮਸ਼ੀਨਰੀ ਦੀ ਉਪਲਬਧਤਾ ਤੇ ਵਰਤੋਂ ਲਈ ਨਿਰਧਾਰਿਤ ਕੀਤੀ ਰਕਮ ਸਬੰਧੀ ਸੂਚਨਾ ਪਿੰਡ ਦੀਆਂ  ਸਾਂਝੀਆਂ ਥਾਵਾਏ ਤੇ ਚਸਪਾ ਕਰਵਾ ਦਿੱਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਸ੍ਰੀ ਅਮਨ ਕੇਸ਼ਵ ਪ੍ਰੋਜੈਕਟ ਡਾਇਰਕੈਟਰ ਆਤਮਾ ਫਰੀਦਕੋਟ (81647-55422), ਸ੍ਰੀ ਗੁਰਿੰਦਰਪਾਲ ਸਿੰਘ ਖੇਤੀਬਾੜੀ ਅਫਸਰ, ਫਰੀਦਕੋਟ (95305-41497), ਸ੍ਰੀ ਰੁਪਿੰਦਰ ਸਿੰਘ, ਖੇਤੀਬਾੜੀ ਅਫਸਰ, ਫਰੀਦਕੋਟ ( 83273-11711), ਸ੍ਰੀ ਅਕਸ਼ਿਤ ਜੈਨ, ਸਹਾਇਤ ਖੇਤੀਬਾੜੀ ਇੰਜੀਨੀਅਰ, ਫਰੀਦਕੋਟ (95306-09090) ਸੀਜ਼ਨ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਪਾਸ ਉਪਲਬਧ ਮਸ਼ੀਨਰੀ ਸਾਂਝੀਆਂ ਥਾਵਾਂ ਤੇ ਰੱਖੀ ਜਾਵੇ ਨਾ ਕਿ ਪ੍ਰਾਈਵੇਟ ਘਰਾਂ ਵਿੱਚ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਉਣਗੇ ਕਿ ਕਿਸਾਨ ਵੱਲੋਂ ਸਬੰਧਤ ਏਜੰਸੀ ਪਾਸੋਂ ਮਸ਼ੀਨਰੀ ਮੰਗਣ ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ ਅਤੇ ਜੇਕਰ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸਦਾ ਗੰਭੀਰ ਨੋਟਿਸ ਲੈਣ। ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਉਪਰੰਤ ਪਰਾਲੀ ਤੇ ਹੋਰ ਰਹਿੰਦ-ਖੂੰਹਦ ਦੇ ਸੁਚੱਜੇ ਨਿਪਟਾਰੇ ਲਈ ਆਧੁਨਿਕ ਤਕਨੀਕਾਂ, ਮਸ਼ੀਨਰੀ ਦੀ ਵਰਤੋਂ ਕਰਨ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਤੇ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ।