ਫਾਜ਼ਿਲਕਾ, 5 ਮਈ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ. ਨੇ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮੰਡੀ ਵਿਖੇ ਚੱਲ ਰਹੇ ਖਰੀਦ ਪ੍ਰਬੰਧਾਂ ਅਤੇ ਲਿਫਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਲਿਫਟਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀ ਦੇ ਅਧਿਕਾਰੀਆਂ, ਟਰਾਂਸਪੋਰਟਰਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਪ੍ਰਕਿਰਿਆ ਵਿਚ ਕੋਈ ਢਿੱਲ ਮੱਠ ਨਹੀਂ ਹੋਣੀ ਚਾਹੀਦੀ ਅਤੇ ਤੈਅ ਸਮੇਂ ਅੰਦਰ ਸਾਰੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਿਸਾਨਾਂ ਨੂੰ ਕਣਕ ਦੇ ਇਸ ਸੀਜ਼ਨ ਦੌਰਾਨ ਕੋਈ ਖਜਲ-ਖੁਆਰੀ ਨਾ ਹੋਣ ਦਿੱਤੀ ਜਾਵੇ ਤੇ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਨਾਲੋ ਨਾਲ ਖਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਜਿਵੇਂ ਹੀ ਆਪਣੀ ਫਸਲ ਲੈ ਕੇ ਮੰਡੀਆਂ ਵਿਚ ਪਹੁੰਚ ਕਰਦਾ ਹੈ ਉਸ ਦੀ ਨਾਲੋ-ਨਾਲ ਖਰੀਦ ਕਰਵਾਈ ਜਾਵੇ। ਉਸ ਉਪਰੰਤ ਫਸਲ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਬਣਦੀ ਫਸਲ ਦੀ ਅਦਾਇਗੀ ਵੀ ਤੈਅ ਸਮੇਂ ਦੇ ਅੰਦਰ-ਅੰਦਰ ਕਰਨੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵੱਚ 6,76,777 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 6,76,708 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 1322.721 ਕਰੋੜ ਰੁਪਏ ਦੀ ਅਦਾਇਗੀ ਦੇ ਅਡਵਾਈਜ ਜਨਰੇਟ ਕੀਤੇ ਗਏ ਜੋ ਬੈਕਿੰਗ ਟਰਾਂਸਫਰ ਪ੍ਰਣਾਲੀ ਅਧੀਨ ਹਨ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 1,82,163 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 1,84,742 ਮੀਟ੍ਰਿਕ ਟਨ, ਪਨਸਪ ਵੱਲੋਂ 1,82,419 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਉਸ ਵੱਲੋਂ 1,03,038 ਮੀਟ੍ਰਿਕ ਟਨ, ਭਾਰਤੀ ਖੁਰਾਕ ਨਿਗਮ ਵੱਲੋਂ 8384 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 15,962 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਉਨ੍ਹਾਂ ਕਿਹਾ ਕਿ ਲਿਫਟਿੰਗ ਦੀ ਪ੍ਰਕਿਰਿਆ ਵੀ ਨਿਰਵਿਘਨ ਚੱਲ ਰਹੀ ਹੈ ਤੇ ਹੁਣ ਤੱਕ 3,81,519 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ। ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਬਲਜਿੰਦਰ ਸਿੰਘ, ਅੰਕੂਸ਼ ਮੁਟਨੇਜਾ ਤੋਂ ਇਲਾਵਾ ਸਬੰਧਤ ਏਜੰਸੀਆਂ ਦੇ ਅਧਿਕਾਰੀ ਅਤੇ ਹੋਰ ਮੈਂਬਰ ਮੌਜੂਦ ਸਨ। ਡਿਪਟੀ ਕਮਿਸ਼ਨਰ ਵੱਲੋਂ ਮਾਰਕਿਟ ਕਮੇਟੀ ਜਲਾਲਾਬਾਦ ਵਿੱਚ ਮੌਜੂਦ ਸੇਵਾ ਕੇਂਦਰ ਦਾ ਕੀਤਾ ਗਿਆ ਨਿਰੀਖਣ ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਮਾਰਕਿਟ ਕਮੇਟੀ ਜਲਾਲਾਬਾਦ ਵਿੱਚ ਮੌਜੂਦ ਸੇਵਾ ਕੇਂਦਰ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਸਮੂਹ ਮੌਜੂਦ ਅਧਿਕਾਰੀਆਂ ਨੂੰ ਸਖਤ ਤਾੜਤਾ ਦਿੰਦਿਆਂ ਕਿਹਾ ਕਿ ਸਰਕਾਰ ਦੀਆਂ ਸੇਵਾਵਾਂ ਦਾ ਲਾਭ ਲੈਣ ਆਉਂਦੇ ਹਰੇਕ ਜ਼ਿਲ੍ਹਾ ਵਾਸੀ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਜਲਦੀ ਤੋਂ ਜਲਦੀ ਕੀਤੇ ਜਾਣ। ਉਨ੍ਹਾਂ ਸੇਵਾ ਕੇਂਦਰ ਦੇ ਸਕਿਊਰਿਟੀ ਗਾਰਡ ਸਮੇਤ ਸਮੂਹ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਦੀ ਹਦਾਇਤ ਕੀਤੀ।