- ਵਿਕਾਸ ਕਾਰਜਾਂ ਦੇ ਚੱਲ ਰਹੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ : ਡਿਪਟੀ ਕਮਿਸ਼ਨਰ
ਪਟਿਆਲਾ, 15 ਮਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ ਵੱਖ ਵਿਭਾਗਾਂ ਅਧੀਨ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮ ਮਿਥੇ ਸਮੇਂ ‘ਚ ਮੁਕੰਮਲ ਕੀਤੇ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਵੀ ਮੌਜੂਦ ਸਨ। ਮਹੀਨਾਵਾਰ ਮੀਟਿੰਗ ਕਰਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੰਡੀ ਬੋਰਡ ਵੱਲੋਂ ਲਿੰਕ ਸੜਕਾਂ ਦਾ ਕੀਤਾ ਜਾ ਰਿਹਾ ਕੰਮ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਕੰਮ ਦੀ ਪ੍ਰਗਤੀ ਦੀ ਰਿਪੋਰਟ ਡੀ.ਸੀ. ਡੈਸਬੋਰਡ ‘ਚ ਅਪਡੇਟ ਕਰਨਾ ਯਕੀਨੀ ਬਣਾਉਣ ਤਾਂ ਜੋ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਉਨ੍ਹਾਂ ਨਹਿਰੀ ਪਾਣੀ ਪ੍ਰੋਜੈਕਟ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਜਲ ਦੀ ਪੂਰਤੀ ਲਈ ਨਵੀਂਆਂ ਪਾਈਪ ਲਾਇਨਾਂ ਵਿਛਾਉਣ ਬਾਅਦ ਟੁੱਟੀਆਂ ਸੜਕਾਂ ਦੀ ਮੁਰੰਮਤ ਨਾਲੋ-ਨਾਲ ਕਰਵਾਉਣ ਸਮੇਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਸੈਲ ‘ਤੇ ਆਉਂਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਲਈ ਇੱਕ ਹੈਲਪਲਾਈਨ ਨੰਬਰ 99151-49866 ਜਾਰੀ ਕੀਤਾ ਗਿਆ ਹੈ, ਜਿਸ ‘ਤੇ ਆਮ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।