ਐਸ.ਏ.ਐਸ. ਨਗਰ, 15 ਅਪ੍ਰੈਲ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਣਕ ਦੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਬਨੂੜ ਮੰਡੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ, ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨਾਲ ਗੱਲਬਾਤ ਕਰਨ ਕੇ ਖਰੀਦ ਪ੍ਰਕਿਰਿਆ ਦੀ ਜਾਣਕਾਰੀ ਹਾਸਲ ਕੀਤੀੇ।ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਚੱਲ ਰਹੀ ਖਰੀਦ ਪ੍ਰਕਿਰਿਆ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਵੱਲ ਵਿਸ਼ੇਸ਼ ਧਿਆਨ ਦੇਣ ਦਾ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਪਿਛਲੀ ਸ਼ਾਮ ਤੱਕ 31233 ਮੀਟਰਕ ਟਨ ਕਣਕ ਮੰਡੀਆਂ ਵਿੱਚ ਆਈ ਸੀ ਅਤੇ 30543 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਇਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਨੇ 28523 ਮੀਟਰਕ ਟਨ ਜਦਕਿ ਪ੍ਰਾਈਵੇਟ ਏਜੰਸੀਆਂ ਨੇ 2019 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ। ਸਰਕਾਰੀ ਬੁਲਾਰੇ ਅਨੁਸਾਰ ਪਿਛਲੀ ਸ਼ਾਮ ਤੱਕ ਮੰਡੀਆਂ ਵਿੱਚ ਆਈ ਕਣਕ ਵਿੱਚੋਂ 98 ਫੀਸਦੀ ਦੀ ਖਰੀਦੀ ਕੀਤੀ ਜਾ ਚੁੱਕੀ ਹੈ।ਇਸ ਤੋਂ ਪਹਿਲਾਂ ਇੱਕ ਮੀਟਿੰਗ ਦੌਰਾਨ ਸ੍ਰੀਮਤੀ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਕਣਕ ਦੀ ਲਿਫਟਿੰਗ ਦੇ ਕਾਰਜ ’ਤੇ ਰੋਜ਼ਮਰਾ ਦੇ ਆਧਾਰ ’ਤੇ ਨਿਗਰਾਣੀ ਰੱਖਣ ਲਈ ਅਧਿਕਾਰੀਆਂ ਨੂੰ ਆਖਿਆ ਤਾਂ ਜੋ ਮੰਡੀਆਂ ਵਿੱਚ ਆਉਣ ਵਾਲੀ ਹੋਰ ਕਣਕ ਲਈ ਜਗ੍ਹਾ ਬਣਦੀ ਰਹੇ। ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਅਤੇ ਲਿਫਟਿੰਗ ਤੋਂ ਇਲਾਵਾ ਮੰਡੀਆਂ ਦੇ ਰੱਖ ਰਖਾਵ, ਸਫ਼ਾਈ ਪ੍ਰਬੰਧਾਂ, ਪੀਣ ਵਾਲੇ ਪਾਣੀ, ਪਖਾਨਿਆਂ, ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਸਬੰਧੀ ਕਾਰਜਾਂ ਦਾ ਵੀ ਜਾਇਜ਼ਾ ਲਿਆ। ਸ੍ਰੀਮਤੀ ਆਸ਼ਿਕਾ ਜੈਨ ਨੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਚੌਕਸੀ ਵਰਤਣ ਦੀ ਹਿਦਾਇਤ ਕੀਤੀ ਅਤੇ ਪੈਦਾ ਹੁੰਦੀ ਕਿਸੇ ਵੀ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਕਿਰਤੀਆਂ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਦਪੇਸ਼ ਮੁਸ਼ਕਲ ਦਾ ਫੌਰੀ ਹੱਲ ਕੀਤਾ ਜਾਵੇ। ਉਨ੍ਹਾਂ ਨੇ ਨਿਰਧਾਰਤ ਸਮੇਂ ਵਿੱਚ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਉਣ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।ਗੌਰਤਲਬ ਹੈ ਕਿ ਇਸ ਸਾਲ ਜ਼ਿਲ੍ਹੇ ਵਿੱਚ 46000 ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 1,96,000 ਮੀਟਰਕ ਟਨ ਕਣਕ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਲਈ 1,39,053 ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਪੰਜਾਬ ਸਰਕਾਰ ਕਿਸਾਨਾਂ ਦਾ ਇੱਕ ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਇਸ ਕਰਕੇ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਏ.ਪੀ.ਸੀ. (ਯੂ.ਡੀ.) ਦਮਨਜੀਤ ਸਿੰਘ, ਐੱਸ.ਡੀ.ਐੱਮ. ਮੋਹਾਲੀ ਸਰਬਜੀਤ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।