- ਪਿੰਡ- ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ
ਬਰਨਾਲਾ, 17 ਨਵੰਬਰ : ਕਿਸਾਨਾਂ ਨੂੰ ਪਰਾਲੀ ਨੂੰ ਅਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਬਰਨਾਲਾ ਪੱਬਾਂ ਭਾਰ ਉੱਤੇ ਹੈ ਅਤੇ ਲਗਾਤਾਰ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਸੰਭਾਲਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ । ਨਾਲ ਹੀ ਮੌਕੇ ਉੱਤੇ ਜਿਥੇ ਵੀ ਅੱਗਾਂ ਲੱਗੀਆਂ ਮਿਲੀਆਂ, ਉਥੇ ਅੱਗ ਬੁਝਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਸਤਵੰਤ ਸਿੰਘ ਵੱਲੋਂ ਪਿੰਡ ਮਹਿਲ ਕਲਾਂ, ਗੰਗੋਹਰ, ਕਲਾਲ ਮਾਜਰਾ, ਧਨੇਰ, ਮੂਮ ਆਦਿ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਟੀਮਾਂ ਸਮੇਤ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ । ਨਾਲ ਹੀ ਜਿਹੜੇ ਕਿਸਾਨਾਂ ਦੇ ਖੇਤਾਂ ‘ਚ ਅੱਗ ਲੱਗੀ ਮਿਲੀ ਉਥੇ ਮੌਕੇ ਉੱਤੇ ਪੁੱਜ ਕੇ ਅੱਗ ਬੁਝਾਈ ਗਈ । ਇਸੇ ਤਰ੍ਹਾਂ ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਗੋਪਾਲ ਸਿੰਘ ਵੱਲੋਂ ਪਿੰਡ ਧਨੌਲਾ, ਕਾਲੇਕੇ, ਅਸਪਾਲ ਕਲਾਂ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਨੇ ਕਿਹਾ ਕਿ ਪਰਾਲੀ ਸਾੜਨਾਂ ਕਿਸਾਨ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਪਰਾਲੀ ਪ੍ਰਬੰਧਨ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਅਫ਼ਸਰ ਦੀ ਸਲਾਹ ਲੈ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਵਿਭਾਗ ਦੀਆਂ ਟੀਮਾਂ ਨੇ ਪਿੰਡ ਪਿੰਡ ਜਾ ਕੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਦੀ ਜਾਣਕਾਰੀ ਦਿੱਤੀ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ।