- ਕਿਹਾ, ਖੇਤਾਂ 'ਚ ਅੱਗ ਨਾ ਲਾਈ ਜਾਵੇ, ਪਰਾਲੀ ਨੂੰ ਅੱਗ ਲਾਉਣ ਦੀ ਥਾਂ ਬਦਲਵੇਂ ਪ੍ਰਬੰਧ ਮੌਜੂਦ
- ਕਿਹਾ, ਨੋਡਲ ਅਫ਼ਸਰਾਂ, ਕਲੱਸਟਰ ਅਫਸਰਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਪਿੰਡ-ਪਿੰਡ ਜਾ ਕੇ ਕੀਤਾ ਜਾ ਰਿਹਾ ਹੈ ਕਿਸਾਨਾਂ ਨੂੰ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰਨ ਪ੍ਰੇਰਿਤ
ਮਾਲੇਰਕੋਟਲਾ 10 ਅਕਤੂਬਰ : ਨੋਡਲ ਅਫ਼ਸਰ, ਕਲੱਸਟਰ ਇੰਚਾਰਜ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰ ਕੇ ਪਰਾਲੀ ਪ੍ਰਬੰਧਨ ਕਰਨ ਲਈ ਲਗਾਤਾਰ ਪ੍ਰੇਰਿਤ ਕਰਨ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਨਾ ਆਉਣ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਡਾ ਪੱਲਵੀ ਨੇ ਜ਼ਿਲ੍ਹੇ ਦੇ ਪਿੰਡ ਖਾਨਪੁਰ, ਮੰਡੀਆ,ਲਸੋਈ,ਗੱਜਣਮਾਜਰਾ, ਅਤੇ ਰੁੜਕੀ ਦਾ ਦੌਰਾ ਕਰਨ ਮੌਕੇ ਆਮ ਲੋਕਾਂ ਅਤੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆ ਦਿੱਤੀ । ਕਿਹਾ ਕਿ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਨੂੰ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ । ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜਾਮ ਹਨ, ਇਸ ਦੇ ਬਾਵਜੂਦ ਜ਼ਿਹੜੇ 08 ਕਿਸਾਨ ਨੇ ਖੇਤਾਂ ਵਿੱਚ ਅੱਗ ਲਗਾਈ ਹੈ ਉਨ੍ਹਾਂ ਵਿਰੁਧ ਪੁਲਿਸ ਕੇਸ ਦਰਜ ਕਰਕੇ ਕਰੀਬ 20 ਹਜਾਰ ਰੁਪਏ ਦਾ ਜੁਰਮਾਨਾ ਵਸੂਲਿਆ ਜਾ ਚੁੱਕਾ ਹੈ ਅਤੇ ਦੋ ਕੇਸਾਂ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ ਅਨੁਸਾਰ ਜੁਰਮਾਨਾਂ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 08 ਥਾਵਾਂ 'ਤੇ ਅੱਗ ਲਾਉਣ ਦੀ ਪੁਸ਼ਟੀ ਹੋਈ ਸੀ, ਅਤੇ ਇਨ੍ਹਾਂ ਕਿਸਾਨਾਂ ਦੇ ਚਲਾਨ ਕੀਤੇ ਜਾ ਚੁੱਕ ਹਨ, ਇਨ੍ਹਾਂ ਵਿੱਚ ਹੱਥਣ,ਅਜੀਮਾਬਾਦ,ਬਾਗੜੀਆ, ਤੋਲੇਵਾਲ, ਜੈਤੇਵਾਲ,ਬਾਠਾਂ ਆਦਿ ਪਿੰਡ ਸ਼ਾਮਲ ਹਨ। ਇਨ੍ਹਾਂ ਦੇ ਚਲਾਨ ਕੱਟਕੇ ਪੁਲਿਸ ਕਾਰਵਾਈ ਕੀਤੀ ਜਾ ਰਹੀ ਹੈ ਤੇ ਮਾਲ ਵਿਭਾਗ ਦੇ ਰਿਕਾਰਡ ਵਿੱਚ ਵੀ ਦਰਜ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ,ਜਿਸ ਸਬੰਧੀ ਪਹਿਲਾਂ ਦਫਾ 144 ਅਧੀਨ ਹੁਕਮ ਜਾਰੀ ਕੀਤੇ ਗਏ ਸਨ । ਇਸ ਲਈ ਜਿਲ੍ਹਾ ਮਾਲੇਰਕੋਟਲਾ ਦੇ ਸਮੂਹ ਬੀ.ਡੀ.ਪੀ.ਓਜ, ਪੰਚਾਇਤ ਸੈਕਟਰੀ, ਸਰਪੰਚ/ਪੰਚ, ਨੰਬਰਦਾਰਾਂ ਆਦਿ ਨੂੰ ਸਖ਼ਤ ਹਦਾਇਤ ਗਈ ਹੈ ਕਿ ਜੇਕਰ ਕੋਈ ਵੀ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਸਖ਼ਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ । ਉਨ੍ਹਾਂ ਕਿਹਾ ਕਿ ਆਪਣੇ ਆਪਣੇ ਪਿੰਡਾ ਵਿੱਚ ਵੱਧ ਤੋਂ ਵੱਧ ਲੋਕਾਂ/ਕਿਸਾਨਾਂ ਨੂੰ ਝੋਨੇ ਦੀ ਪਰਾਲੀ/ਖੇਤੀਬਾੜੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬੇਲਰਾਂ ਤੇ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਤੇ ਐਕਸ ਸੀਟੂ ਤੇ ਇਨਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਕੋਈ ਵੀ ਕਿਸਾਨ ਅਗਲੀ ਫ਼ਸਲ ਬੀਜਣ ਲਈ ਕਾਹਲੀ ਵਿੱਚ ਖੇਤਾਂ 'ਚ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨ੍ਹਾਂ ਨੂੰ ਸਨਮਾਨਤ ਕੀਤਾ ਜਾਵੇਗਾ।