- ਡਿਪਟੀ ਕਮਿਸ਼ਨਰ ਸਮੇਤ ਹੋਰ ਉੱਚ ਪੱਧਰੀ ਪ੍ਰਸ਼ਾਸ਼ਨਿਕ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਰ ਰਹੇ ਉਤਸ਼ਾਹਿਤ
ਮੋਗਾ, 20 ਨਵੰਬਰ : ਜਿੱਥੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਗ ਲਗਾਉਣ ਦੀਆਂ ਘਟਨਾਵਾਂ ਪ੍ਰਤੀ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ, ਉੱਥੇ ਉੱਚ ਪੱਧਰੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਵੀ ਫੀਲਡ ਵਿੱਚ ਉਤਰ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਉਤਸ਼ਾਹਿਤ ਕਰਨ ਲਈ ਉਚੇਚੇ ਯਤਨ ਕੀਤੇ ਜਾ ਰਹੇ ਹਨ। ਨਾਜ਼ੁਕ ਥਾਵਾਂ 'ਤੇ ਟੀਮਾਂ ਵੱਲੋਂ ਸਾਂਝੇ ਤੌਰ 'ਤੇ ਗਸ਼ਤ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ, ਐਸ.ਡੀ.ਐਮ. ਸ੍ਰੀਮਤੀ ਚਾਰੂ ਮਿਤਾ, ਐਸ.ਡੀ.ਐਮ. ਹਰਕੰਵਲਜੀਤ ਸਿੰਘ ਅਤੇ ਹੋਰ ਉੱਚ ਪੱਧਰੀ ਅਧਿਕਾਰੀਆਂ ਅਤੇ ਟੀਮਾਂ ਵੱਲੋਂ ਲਗਾਤਾਰ ਕਿਸਾਨਾਂ ਦੇ ਖੇਤਾਂ ਵਿੱਚ ਆਪ ਪਹੁੰਚ ਬਣਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਹੁਣ ਤਾਂ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਲਈ ਮੱਦਦਗਾਰ ਮਸ਼ੀਨਾਂ ਭਾਰੀ ਸਬਸਿਡੀ ਉਪਰ ਮੁਹੱਈਆ ਕਰਾਉਣ ਤੋਂ ਇਲਾਵਾ ਹਰ ਤਰ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ। ਪਰਾਲੀ ਨੂੰ ਸਾੜੇ ਬਗੈਰ ਅਗਲੀ ਫਸਲ ਦੀ ਬਿਜਾਈ ਦੇ ਬਦਲਵੇਂ ਤਰੀਕਿਆਂ ਬਾਰੇ ਖੇਤੀਬਾੜੀ ਟੀਮਾਂ ਵੱਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਇਸ ਸਭ ਦੇ ਬਾਵਜੂਦ ਵੀ ਕਈ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾ ਕੇ ਵਾਤਾਵਰਣ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਹੜੀਆਂ ਕਿ ਬਿਲਕੁਲ ਹੀ ਗਲਤ ਅਤੇ ਬੇਬੁਨਿਆਦ ਹਨ। ਉਨ੍ਹਾਂ ਦੱਸਿਆ ਕਿ ਹਵਾ,ਪਾਣੀ ਤੇ ਮਿੱਟੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਸਭ ਤੋਂ ਵੱਡੀ ਭੂਮਿਕਾ ਨਿਭਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਕਲੱਸਟਰ ਅਫਸਰਾਂ,ਨੋਡਲ ਅਫਸਰਾਂ ਦੀਆਂ ਟੀਮਾਂ ਲਗਾਤਾਰ ਇਸ ਖੇਤਰ ਵਿੱਚ ਦਿਨ ਰਾਤ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਪ੍ਰਸ਼ਾਸ਼ਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸੇ ਵੀ ਅਨਸਰ ਨਾਲ ਨਰਮੀ ਵਾਲਾ ਵਤੀਰਾ ਨਹੀਂ ਵਰਤਿਆ ਜਾਵੇਗਾ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।