ਸ਼ਹੀਦੀ ਸਭਾ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸ਼ਹੀਦੀ ਸਭਾ ਲਈ ਕੀਤੇ ਪ੍ਰਬੰਧਾਂ ਦਾ ਜਮੀਨੀ ਪੱਧਰ ਤੇ ਲਿਆ ਜਾਇਜ਼ਾ
  • ਸੰਗਤ ਨੂੰ ਸ਼ਹੀਦੀ ਸਭਾ ਦੌਰਾਨ ਪ੍ਰਸ਼ਾਸ਼ਨ ਵੱਲੋਂ ਕੀਤੇ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਦੀ ਕੀਤੀ ਅਪੀਲ

ਫ਼ਤਹਿਗੜ੍ਹ ਸਾਹਿਬ, 25 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਮੁੱਖ ਮੰਤਰੀ ਪੰਜਾਬ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ ਤੇ ਹੋਰ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਤੇ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਜ਼ਮੀਨੀ ਪੱਧਰ ਤੇ ਜਾਇਜ਼ਾ ਲਿਆ। ਇਸ ਮੌਕੇ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਹਰੇਕ ਸਾਲ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦਾ ਆਯੋਜਨ ਕੀਤਾ ਜਾਂਦਾ ਹੈ ਜਿਸ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਦੀ ਇਸ ਮਹਾਨ ਸ਼ਹਾਦਤ ਨੂੰ ਨਮਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਸ਼ਹੀਦੀ ਸਭਾ ਦੇ ਮਾਹੌਲ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਵੱਖ-ਵੱਖ ਮਨਾਹੀਂ ਹੁਕਮ ਵੀ ਲਾਗੂ ਕੀਤੇ ਗਏ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਗਤ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਸੰਬਰ ਮਹੀਨੇ ਦਾ ਇਹ ਹਫਤਾ ਉਹ ਸੋਗਮਈ ਹਫਤਾ ਹੈ ਜਿਸ ਦੌਰਾਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪੂਰਾ ਪਰਿਵਾਰ ਵਿੱਛੜ ਗਿਆ ਸੀ ਅਤੇ ਗੁਰੂ ਜੀ ਦੇ ਚਾਰੇ ਸਾਹਿਬਜ਼ਾਦੇ ਸ਼ਹੀਦੀ ਪ੍ਰਾਪਤ ਕਰ ਗਏ ਸਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਇਸ ਸੋਗਮਈ ਹਫਤੇ ਨੂੰ ਪੂਰੀਆਂ ਧਾਰਮਿਕ ਰਹੁ ਰੀਤਾਂ ਅਨੁਸਾਰ ਸੋਗਮਈ ਢੰਗ ਨਾਲ ਹੀ ਮਨਾਈਏ ਅਤੇ ਗੁਰੂ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਤਮਸਤਕ ਹੋ ਕੇ ਸਤਿਕਾਰ ਭੇਂਟ ਕਰੀਏ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਇਸ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਕੁਰੀਤੀਆਂ ਦਾ ਖਾਤਮਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪ੍ਰਬੰਧਾਂ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਲੰਗਰ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਲੰਗਰਾਂ ਵਿੱਚ ਸਾਫ ਸਫਾਈ ਯਕੀਨੀ ਬਣਾਈ ਜਾਵੇ ਤੇ ਪਲਾਸਟਿਕ ਲਿਫਾਫਿਆਂ ਤੇ ਥਰਮੋਕੋਲ ਬਰਤਨਾਂ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵੱਲ਼ ਸੰਗਤ ਦੀ ਸਹੂਲਤ ਲਈ ਪੁਲਿਸ ਸਮਾਧਾਨ ਕੇਂਦਰ ਵੀ ਬਣਾਏ ਗਏ ਹਨ ਜਿਥੋਂ ਕਿ ਸੰਗਤ ਨੂੰ ਲੋੜ ਅਨੁਸਾਰ ਪੁਲਿਸ ਸਹਾਇਤਾ ਵੀ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਸੰਗਤ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰਕੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ।