ਫ਼ਤਹਿਗੜ੍ਹ ਸਾਹਿਬ, 20 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 ( 2 ਆਫ 1974) ਦੀ ਧਾਰਾ 144 ਅਧੀਨ ਜ਼ਿਲ੍ਹੇ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਸਾਲ 2023 ਦੌਰਾਨ ਜੀਰੀ ਦੀ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਆਮ ਤੌਰ ਤੇ ਵੇਖਿਆ ਗਿਆ ਹੈ ਕਿ ਝੌਨੇ ਦੀ ਕਟਾਈ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਅਤੇ ਵਾਤਾਵਰਣ ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਧੂੰਏ ਕਾਰਨ ਆਮ ਲੋਕਾਂ ਦੀ ਸਿਹਤ ਦਾ ਨੁਕਸਾਨ ਹੋਣ ਦਾ ਨਿਰੰਤਰ ਡਰ ਰਹਿੰਦਾ ਹੈ ਅਤੇ ਉਨ੍ਹਾਂ ਨੂੰ ਮਾਰੂ ਬਿਮਾਰੀਆਂ ਲੱਗ ਜਾਂਦੀਆਂ ਹਨ। ਅੱਗ ਨਾਲ ਆਲੇ-ਦੁਆਲੇ ਖੜ੍ਹੀ ਫਸਲ ਦਾ ਨੁਕਸਾਨ ਹੋਣ ਦਾ ਡਰ ਵੀ ਨਿਰੰਤਰ ਰਹਿੰਦਾ ਹੈ। ਇਸ ਤੋਂ ਇਲਾਵਾ ਅਨੇਕਾਂ ਲਾਭਦਾਇਕ ਜੀਵ-ਜੰਤੂ ਵੀ ਮਾਰੇ ਜਾਂਦੇ ਹਨ। ਸੜਕ ਦੇ ਨਾਲ ਲੱਗਦੇ ਖੇਤਾਂ ਵਿੱਚ ਅੱਗ ਲਗਾਉਣ ਕਾਰਨ ਸੜਕ ਉਪਰ ਸੰਘਣਾ ਧੂੰਆ ਹੋਣ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਦੁਰਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਰਹਿੰਦਾ ਹੈ। ਇਸ ਤੋਂ ਇਲਾਵਾ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਇਨ੍ਹਾਂ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਗਏ ਇਹ ਮਨਾਹੀਂ ਹੁਕਮ 30 ਨਵੰਬਰ, 2023 ਤੱਕ ਲਾਗੂ ਰਹਿਣਗੇ।