- ਲੁਧਿਆਣਾ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਬਾਰੇ ਕੀਤੀ ਚਰਚਾ
ਲੁਧਿਆਣਾ, 15 ਮਈ : ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਵਲੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਲੁਧਿਆਣਾ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਸ਼ਰਨਪਾਲ ਸਿੰਘ ਮੱਕੜ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਲੋਕਾਂ ਦੀ ਸਹੂਲਤ ਲਈ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਨੂੰ ਮੁੱਖ ਤਰਜੀਹ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਨੂੰ ਦੇਸ਼ ਦੇ ਸਰਵੋਤਮ ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹੈ ਅਤੇ ਲੁਧਿਆਣਾ ਵਾਸੀਆਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਦੋ ਨਿਆਂਇਕ ਇਮਾਰਤਾਂ ਲਈ ਫੰਡ ਜਾਰੀ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਵੀ ਕੀਤਾ। ਇਸ ਉਪਰੰਤ ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਵੀ ਮੁਲਾਕਾਤ ਕੀਤੀ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਲੁਧਿਆਣਾ ਨੂੰ 10 ਲੱਖ ਰੁਪਏ ਦੇ ਫੰਡ ਅਲਾਟ ਅਤੇ ਜਾਰੀ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਜਲੰਧਰ 'ਚ ਲੋਕ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਲਈ ਵਧਾਈ ਦਿੰਦਿਆਂ ਯੋਜਨਾ ਬੋਰਡ ਦੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਅਤੇ ਹੋਰ ਮੁੱਦਿਆਂ 'ਤੇ ਵੀ ਚਰਚਾ ਕੀਤੀ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਗਗਨਦੀਪ ਸਿੰਘ ਸੈਣੀ, ਸਚਿਨ ਸ਼ਰਮਾ, ਕਰਨ ਸਿੰਘ, ਵਿਕਾਸ ਗੁਪਤਾ, ਕਰਨ ਸਿੰਘ ਭੱਲਾ, ਗੁਰਪ੍ਰੀਤ ਸਿੰਘ ਸੈਣੀ, ਜੀ.ਐਸ. ਸੰਧਰ ਅਤੇ ਹੋਰ ਹਾਜ਼ਰ ਸਨ।