ਲੁਧਿਆਣਾ, 18 ਅਪ੍ਰੈਲ : ਹਲਵਾਰਾ ਹਵਾਈ ਅੱਡੇ ’ਤੇ ਸ਼ੁਰੂ ਹੋਏ ਅੰਤਰਰਾਸ਼ਟਰੀ ਸਿਵਲ ਟਰਮੀਨਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਹਲਕਾ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਜਿੱਥੇ ਨੇੜਲੇ ਪਿੰਡ ਐਤੀਆਣਾ’ ਚ ਬਣ ਰਹੇ ਏਅਰਪੋਰਟ ਦਾ ਦੌਰਾ ਕਰਕੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਉੱਥੇ ਰਾਏਕੋਟ ਐਸ.ਡੀ.ਐਮ ਦਫਤਰ ਵਿੱਚ ਏਅਰਪੋਰਟ ਅਥਾਰਿਟੀ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰਕੇ ਚੱਲ ਰਹੇ ਕੰਮਾਂ ਦੀ ਰੂਪਰੇਖਾ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਐਸ.ਡੀ.ਐਮ ਗੁਰਬੀਰ ਸਿੰਘ ਕੋਹਲੀ ਤੋਂ ਇਲਾਵਾ ਏਅਰ ਪੋਰਟ ਅਥਾਰਿਟੀ ਦੇ ਅਧਿਕਾਰੀ ਵੀ ਮੌਜ਼ੂਦ ਸਨ। ਇਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੰਸਦ ਡਾ.ਅਮਰ ਸਿੰਘ ਤੇ ਸੰਸਦ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਦਾ ਸੁਪਨਾ ਜਲਦ ਹੀ ਸੱਚ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਸਮੇਂ ਇਸ ਟਰਮੀਨਲ ਦੇ ਨਿਰਮਾਣ ਲਈ ਲੋੜੀਂਦੀ 161.27 ਏਕੜ ਜ਼ਮੀਨ ਨੂੰ ਅਧਿਗ੍ਰਹਿਣ ਕਰ ਲਿਆ ਗਿਆ ਸੀ ਅਤੇ ਇਸ ਸੰਬੰਧੀ ਗਲਾਡਾ ਵੱਲੋਂ ਮੌਕੇ ਦਾ ਕਬਜ਼ਾ ਵੀ ਲੈ ਲਿਆ ਗਿਆ ਸੀ ਉਨ੍ਹਾਂ ਦੱਸਿਆ ਕਿ ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਪਿਛਲੀ ਸੂਬਾ ਕਾਂਗਰਸ ਸਰਕਾਰ ਦੇ ਸਾਂਝੇ ਉੱਦਮ ਨਾਲ ਪਿੰਡ ਐਤੀਆਣਾ ਤਹਿਸੀਲ ਰਾਏਕੋਟ ਦੀ ਜ਼ਮੀਨ ਵਿੱਚ ਅੰਤਰਰਾਸ਼ਟਰੀ ਸਿਵਲ ਅਤੇ ਕਾਰਗੋ ਟਰਮੀਨਲ ਵਿਕਸਤ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਏਅਰਪੋਰਟ ਦਾ ਵਿਕਾਸ ਸੂਬੇ ਅਤੇ ਇਲਾਕੇ ਦੇ ਆਰਥਿਕ ਵਾਧੇ ਅਤੇ ਖੁਸ਼ਹਾਲੀ ਲਈ ਸਕਾਰਾਤਮਿਕ ਸੰਕੇਤ ਹੈ। ਜਿਸ ਨਾਲ ਸੂਬੇ ਵਿੱਚ ਨਿਗਮੀ ਅਤੇ ਵਪਾਰਕ ਕੰਪਨੀਆਂ ਨੂੰ ਆਰਥਿਕ ਗਤੀਵਿਧੀਆਂ ਚਲਾਉਣਾ ਦਾ ਮੌਕਾ ਮਿਲੇਗਾ। ਇਸ ਨਾਲ ਵੱਖ-ਵੱਖ ਖੇਤਰਾਂ ਵਿੱਚ ਖਾਸ ਤੌਰ ’ਤੇ ਰੋਜ਼ਗਾਰ ਦੇ ਮੌਕੇ ਮਿਲਣਗੇ ਅਤੇ ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ। ਸੰਸਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਸ ਟਰਮੀਨਲ ਦੇ ਬਣਨ ਨਾਲ ਸੂਬੇ ਦੀ ਖਾਸ ਕਰਕੇ ਸਨਅਤੀ ਜ਼ਿਲ੍ਹਾ ਲੁਧਿਆਣਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ ਅਤੇ ਸੂਬੇ ਦੇ ਉਦਯੋਗ ਨੂੰ ਵੀ ਲਾਭ ਪਹੁੰਚੇਗਾ। ਸੰਸਦ ਮੈਂਬਰਾਂ ਨੇ ਕਿਹਾ ਕਿ ਇਸ ਏਅਰਪੋਰਟ ਲਈ ਜੋ ਜਮੀਨ ਦਿੱਤੀ ਗਈ ਹੈ ਉਸ ਲਈ ਪਿੰਡ ਐਤੀਆਣਾ ਦੀ ਵੱਡੀ ਦੇਣ ਹੈ ਜੋ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੂਨ 2023 ਦੇ ਅੰਤ ਤੱਕ ਤਿਆਰ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਉਹ ਹਲਵਾਰਾ ਹਵਾਈ ਅੱਡੇ ਨੂੰ ਜਲਦੀ ਅਤੇ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਸਬੰਧਤ ਕੇਂਦਰੀ ਮੰਤਰੀਆਂ ਅਤੇ ਅਧਿਕਾਰੀਆਂ ਕੋਲ ਲਗਾਤਾਰ ਮਾਮਲਾ ਉਠਾਉਂਦੇ ਆ ਰਹੇ ਹਨ। ਉਨ੍ਹਾਂ ਹਵਾਈ ਅੱਡੇ ਦੇ ਨਿਰਮਾਣ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਨਿੱਜੀ ਤੌਰ ਤੇ ਦੌਰੇ ਵੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਉਨ੍ਹਾਂ ਲਈ ਇੱਕ ‘ਡ੍ਰੀਮ ਪ੍ਰੋਜੈਕਟ’ ਹੈ ਕਿਉਂਕਿ ਇਹ ਨਾ ਸਿਰਫ਼ ਲੁਧਿਆਣਾ ਅਤੇ ਇਸ ਦੇ ਆਲੇ-ਦੁਆਲੇ ਸਗੋਂ ਪੂਰੇ ਸੂਬੇ ਵਿੱਚ ਵਪਾਰਕ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਵੇਗਾ। ਇਸ ਮੌਕੇ ਹਲਕਾ ਇੰਚਾਰਜ ਕਾਮਿਲ ਬੋਪਾਰਾਏ, ਡੀ.ਐੱਸ.ਪੀ ਜਸਪਾਲ ਸਿੰਘ ਧਾਲੀਵਾਲ, ਵਿਨੋਦ ਜੈਨ (ਪੁਜਾਰੀ ਫੀਡ), ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਬਲਜੀਤ ਹਲਵਾਰਾ, ਪ੍ਰਭਦੀਪ ਸਿੰਘ ਨਾਰੰਗਵਾਲ, ਨਰਾਇਣ ਦੱਤ ਕੋਸ਼ਿਕ, ਜਸਵੀਰ ਸਿੰਘ ਅੱਬੂਵਾਲ, ਚੀਫ ਇੰਜਨੀਅਰ ਪੀ. ਡਬਲਯੂ. ਡੀ. ਪਰਮਜਯੋਤੀ ਅਰੋੜਾ, ਲੋਕ ਨਿਰਮਾਣ ਵਿਭਾਗ ਤੋਂ ਹਰਿੰਦਰ ਸਿੰਘ ਢਿੱਲੋਂ, ਐਕਸੀਅਨ ਪ੍ਰਦੀਪ ਕੁਮਾਰ, ਸਰਪੰਚ ਸੁਖਦੇਵ ਸਿੰਘ ਸਿਵੀਆਂ ਵੀ ਹਾਜ਼ਰ ਸਨ।