- 13.45 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ ਸੌ ਫੀਸਦੀ ਖ੍ਰੀਦ
- ਕਿਸਾਨਾਂ ਨੂੰ 2854 ਕਰੋੜ ਰੁਪਏ ਝੋਨੇ ਦੀ ਅਦਾਇਗੀ ਵਜੋਂ ਕੀਤੇ ਜਾਰੀ
ਮੋਗਾ, 30 ਨਵੰਬਰ : ਇਸ ਸਾਲ ਦੌਰਾਨ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ 13 ਲੱਖ 43 ਹਜ਼ਾਰ 385 ਮੀਟ੍ਰਿ਼ਕ ਟਨ ਝੋਨਾ ਆਉਣ ਦੀ ਸੰਭਾਵਨਾ ਸੀ, ਪ੍ਰੰਤੂ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 13 ਲੱਖ 45 ਹਜ਼ਾਰ 545 ਮੀਟ੍ਰਿ਼ਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 13 ਲੱਖ 45 ਹਜ਼ਾਰ 526 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ। ਝੋਨੇ ਦੀ ਖ੍ਰੀਦ ਦਾ ਸੀਜ਼ਨ ਮੁਕੰਮਲ ਹੋਣ ਵਾਲਾ ਹੈ, ਝੋਨੇ ਦੀ ਖ੍ਰੀਦ ਦੇ ਪੁਖਤਾ ਪ੍ਰਬੰਧਾਂ ਸਦਕਾ ਕਿਸਾਨਾਂ ਨੂੰ ਹੁਣ ਤੱਕ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਭਾਵ, ਖ੍ਰੀਦ, ਚੁਕਾਈ ਤੇ ਅਦਾਇਗੀ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਤੇ ਨਾ ਹੀ ਅੱਗੇ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਆਮਦ ਹੋਏ ਝੋਨੇ ਵਿੱਚੋਂ 100 ਫੀਸਦੀ ਝੋਨੇ ਦੀ ਖ੍ਰੀਦ ਤੇ 98 ਫੀਸਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਖ੍ਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 2854 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ, ਜਿਹੜੀ ਕਿ 96 ਫੀਸਦੀ ਬਣਦੀ ਹੈ, ਭਾਵ ਖ੍ਰੀਦ ਕੀਤੇ ਗਏ ਝੋਨੇ ਦੀ ਨਾਲੋ ਨਾਲ ਕਿਸਾਨਾਂ ਨੂੰ ਅਦਾਇਗੀ ਵੀ ਕੀਤੀ ਜਾ ਰਹੀ ਹੈ। ਏਜੰਸੀਵਾਈਜ਼ ਵੇਰਵਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 591293 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 349584 ਮੀਟ੍ਰਿਕ ਟਨ, ਪਨਸਪ ਵੱਲੋਂ 255121, ਪੰਜਾਬ ਵੇਅਰਹਾਊਸ ਵੱਲੋਂ 147876 ਮੀਟ੍ਰਿਕ ਟਨ ਤੇ ਪ੍ਰਾਈਵੇਟ ਅਦਾਰਿਆਂ ਵੱਲੋਂ 652 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ। ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਹਰ ਹੀਲੇ ਨਿਪਟਿਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਉਣ।