- ਪੰਜਾਬ ਅੰਦਰ ਦੇਸ਼ ਭਰ ਵਿੱਚੋਂ ਗੰਨੇ ਦਾ ਭਾਅ ਸਭ ਤੋਂ ਵੱਧ
- ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਬਾਰੇ ਸਰਕਾਰ ਗੰਭੀਰਤਾ ਨਾਲ ਮਾਣਯੋਗ ਅਦਾਲਤ ਵਿੱਚ ਕਰ ਰਹੀ ਪੈਰਵੀ
- ਸਾਡੀ ਸਰਕਾਰ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਲਈ ਵਚਨਬੱਧ
- ਸ਼ਹੀਦੀ ਸਭਾ ਤੋਂ ਪਹਿਲਾਂ ਸਾਰੀਆਂ ਸੜਕਾਂ ਦਾ ਕੰਮ ਮੁਕੰਮਲ ਕਰਵਾਇਆ ਜਾਵੇਗਾ
- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਰਹਿੰਦ ਵਿਖੇ ਨਿੱਜੀ ਸਮਾਗਮ ਵਿੱਚ ਹੋਏ ਸ਼ਾਮਲ
ਫ਼ਤਹਿਗੜ੍ਹ ਸਾਹਿਬ, 01 ਦਸੰਬਰ : ਪੰਜਾਬ ਦੇ ਮਨੀਸਟਰੀਅਲ ਸਟਾਫ ਵੱਲੋਂ ਆਪਣੀਆਂ ਮੰਗਾਂ ਸਬੰਧੀ ਕੀਤੀ ਜਾ ਰਹੀ ਹੜਤਾਲ ਬਾਰੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਹੜਤਾਲ ਕਰਨ ਦੀ ਥਾਂ ਸਰਕਾਰ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ, ਕਿਉਂਕਿ ਸਾਡੀ ਸਰਕਾਰ ਨੇ ਹਮੇਸ਼ਾਂ ਹੀ ਮੁਲਾਜ਼ਮ ਮੰਗਾਂ ਨੂੰ ਤਰਜ਼ੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਸਲੇ ਦਾ ਹੱਲ ਹੜਤਾਲ ਨਾਲ ਨਹੀਂ ਹੁੰਦਾ ਸਗੋਂ ਆਪਸ ਵਿੱਚ ਮਿਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ, ਕਿਉਂਕਿ ਹੜਤਾਲ ਨਾਲ ਆਮ ਲੋਕਾਂ ਦੇ ਜਰੂਰੀ ਕੰਮ ਵੀ ਰੁਕ ਜਾਂਦੇ ਹਨ ਤੇ ਲੋਕਾਂ ਨੁੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਮੁਲਾਜਮਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਮੁਲਾਜ਼ਮਾਂ ਦੇ ਬਕਾਇਆ ਬਾਰੇ ਕੋਈ ਠੋਸ ਕਦਮ ਚੁੱਕਿਆਂ ਹੁੰਦਾ ਤਾਂ ਅੱਜ ਮੁਲਾਜਮਾਂ ਨੂੰ ਸੰਘਰਸ਼ ਨਾ ਕਰਨਾ ਪੈਂਦਾ। ਉਨ੍ਹਾਂ ਮੁਲਾਜਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੜਤਾਲ ਨਾ ਕਰਨ ਸਗੋਂ ਸਰਕਾਰ ਨਾਲ ਬੈਠ ਕੇ ਮਸਲੇ ਦਾ ਹੱਲ ਕਰਨ ਲਈ ਗੱਲਬਾਤ ਕਰਨ। ਉਨ੍ਹਾਂ ਭਰੋਸਾ ਵੀ ਦਿੱਤਾ ਕਿ ਸਾਡੀ ਸਰਕਾਰ ਕਿਸੇ ਵੀ ਵਰਗ ਦੇ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਵੇਗੀ। ਵਿੱਤ ਮੰਤਰੀ ਅੱਜ ਸਰਹਿੰਦ ਵਿਖੇ ਹੋਏ ਇੱਕ ਨਿੱਜੀ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪੱਤਰਕਾਰਾਂ ਵੱਲੋਂ ਕਿਸਾਨੀ ਸੰਘਰਸ਼ਨ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਬਣਦੇ ਹੀ ਅਸੀਂ ਕਿਸਾਨਾਂ ਦੇ ਗੰਨੇ ਦੇ ਸਾਰੇ ਬਕਾਏ ਦੀ ਅਦਾਇਗੀ ਕੀਤੀ ਅਤੇ ਅੱਜ ਕਿਸਾਨਾਂ ਦਾ ਗੰਨੇ ਬਾਰੇ ਕੋਈ ਬਕਾਇਆ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀ ਮੰਗ ਤੇ ਗੰਨੇ ਦਾ ਜੋ ਭਾਅ ਵਧਾਇਆ ਹੈ ਉਸ ਨਾਲ ਅੱਜ ਪੰਜਾਬ ਵਿੱਚ ਦੇਸ਼ ਭਰ ਵਿੱਚੋਂ ਗੰਨੇ ਦਾ ਭਾਅ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਨ ਨਾ ਕਿ ਸੰਘਰਸ਼ ਦੇ ਰਾਹ ਤੇ ਤੁਰਨ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਹਮੇਸ਼ਾਂ ਹੀ ਕਿਸਾਨੀ ਹਿੱਤਾਂ ਦੀ ਰਾਖੀ ਕਰਨ ਲਈ ਯਤਨਸ਼ੀਲ ਰਹਿੰਦੇ ਹਨ।