ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਾਰਿਆ ਦਾ ਯੋਗਦਾਨ ਜਰੂਰੀ : ਡੀ.ਸੀ.  

  • ਡਿਪਟੀ ਕਮਿਸ਼ਨਰ ਨੇ ਨਸ਼ਿਆ ਦੀ ਰੋਕਥਾਮ ਲਈ ਪੁਲਿਸ ਤੇ ਸਿਵਲ ਅਧਿਕਾਰੀਆਂ ਵੱਲੋਂ ਕੀਤੀ ਕਾਰਵਾਈ ਦਾ ਲਿਆ ਜਾਇਜਾ ਮੀਟਿੰਗ

ਫਤਹਿਗੜ੍ਹ ਸਾਹਿਬ, 21 ਨਵੰਬਰ : ਜਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਫਤਹਿਗੜ੍ਹ ਸਾਹਿਬ ਜਿਲ੍ਹੇ ਨੂੰ ਨਸ਼ਾ ਮੁਕਤ ਕਰਕੇ ਨੌਜਵਾਨੀ ਨੂੰ ਬਚਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਪ੍ਰਸ਼ਾਸਨਿਕ ਅਤੇ ਪੁਲਿਸ ਦੇ ਅਧਿਕਾਰੀਆਂ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੀਆਂ ਗਈਆਂ ਗਤੀਵਿਧੀਆਂ ਦਾ ਜਾਇਜਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਸਮਾਜ ਲਈ ਬਹੁਤ ਵੱਡੀ ਸਮੱਸਿਆ ਹਨ। ਇਨ੍ਹਾਂ ਨੂੰ ਖਤਮ ਕਰਨ ਵਿੱਚ ਆਪਣਾ ਯੋਗਦਾਨ ਪਾ ਕੇ ਵੱਡੀ ਸਮਾਜ ਸੇਵਾ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ  ਅਧਿਕਾਰੀਆਂ ਨੂੰ ਕਿਹਾ  ਕਿ ਉਹ ਨਸ਼ਾ ਮੁਕਤ ਕਰਨ ਲਈ ਵੱਧ ਤੋਂ ਵੱਧ ਜਾਗਰੂਕਤਾ ਸਮਾਗਮ ਕਰਾਉਣ, ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਛੱਡਣ ਬਾਰੇ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇਣ ਲਈ ਪ੍ਰੋਗਰਾਮ ਉਲੀਕੇ ਜਾਣ ਤਾਂ ਜੋ ਉਹ ਆਪਣਾ ਰੋਜਗਾਰ ਸ਼ੁਰੂ ਕਰਕੇ ਆਪਣੀ ਆਰਥਿਕ ਸਥਿਤੀ ਨੂੰ ਸੁਧਾਰ ਸਕਣ ਅਤੇ ਨਸ਼ਿਆਂ ਦੀ ਲਾਹਨਤ ਤੋਂ ਛੁਟਾਕਾਰਾ ਪਾ ਸਕਣ ਤਾਂ ਜੋ ਵਿਹਲੇ ਰਹਿਣ ਕਾਰਨ ਉਹ ਮੁੜ ਤੋਂ ਨਸ਼ਿਆਂ ਨਾਲ ਨਾ ਜੁੜ ਸਕਣ।  ਡਿਪਟੀ ਕਮਿਸ਼ਨਰ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ। ਇਸ ਮੌਕੇ ਐਸ.ਪੀ.ਡੀ. ਸ੍ਰੀ ਰਾਕੇਸ਼ ਯਾਦਵ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਰਿਕਵਰੀ ਕੀਤੀ ਹੈ,ਅਤੇ ਨਸ਼ੇ ਦੇ ਸੋਦਾਗਰਾਂ ਤੇ ਕਾਰਵਾਈ ਕਰਕੇ ਉਨ੍ਹਾਂ ਦੀ ਜਾਇਦਾਦ ਵੀ ਜਬਤ ਕੀਤੀ ਹੈ।  ਇਸਤੋਂ ਇਲਾਵਾ ਪੁਲਿਸ ਵਿਭਾਗ ਵੱਲੋਂ ਵੱਖਵੱਖ ਵਿਭਾਗਾਂ ਨਾਲ ਮਿਲ ਕਿ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸਮਾਗਮ ਵੀ ਕਰਵਾਏ ਜਾ ਰਹੇ ਹਨ।  ਇਸਦੇ ਨਤੀਜੇ ਵਜੋਂ ਵੱਡੀ ਗਿਣਤੀ ਵਿੱਚ  ਨਸ਼ਿਆਂ ਦੇ ਆਦੀ ਹੋ ਚੁੱਕੇ ਨੌਜਵਾਨ ਨਸ਼ਿਆਂ ਨੂੰ ਛੱਡ ਕੇ ਮੁੜ ਤੋਂ ਆਪਣਾ ਸਿਹਤਮੰਦ ਜੀਵਨ ਜਿਊਣਾ ਸੁਰੂ ਕਰ ਚੁੱਕੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ.ਹੈਡ. ਸ੍ਰੀ ਰਮਿੰਦਰ ਸਿੰਘ, ਐਸ.ਪੀ.ਡੀ. ਰਾਕੇਸ਼ ਯਾਦਵ, ਐਸ ਡੀ ਐਮ ਫਤਹਿਗੜ੍ਹ ਸਾਹਿਬ ਸ੍ਰੀ ਅਰਵਿੰਦ ਕੁਮਾਰ, ਐਸ ਡੀ ਐਮ ਅਮਲੋਹ ਸ੍ਰੀ ਗੁਰਵਿੰਦਰ ਸਿੰਘ ਜੌਹਲ, ਤੋਂ ਇਲਾਵਾ ਪੁਲਿਸ ਤੇ ਸਿਵਲ ਅਧਿਕਾਰੀ ਹਾਜਰ ਸਨ