ਜਿਲ੍ਹਾ ਪ੍ਰਸਾਸ਼ਨ ਫਰੀਦਕੋਟ ਦਾ ਨਿਵੇਕਲਾ ਉਪਰਾਲਾ 

  • ਪਰਾਲੀ ਪ੍ਰਬੰਧਨ ਕਈ ਪਿੰਡਾਂ ਵਿੱਚ ਹੋਵੇਗਾ ਗ੍ਰਾਮ ਸਭਾਵਾਂ ਦਾ ਆਯੋਜਨ -ਡੀ ਸੀ

ਫਰੀਦਕੋਟ, ਅਕਤੂਬਰ 28 ਅਕਤੂਬਰ 2024 : ਜਿਲ੍ਹਾ  ਪ੍ਰਸ਼ਾਸਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ   ਅੰਦਰ ਪਰਾਲੀ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਵੱਡੀ ਪੱਧਰ ਤੇ ਜਿਲ੍ਹਾ  ਵਾਸੀਆਂ, ਕਿਸਾਨਾਂ ਨੂੰ ਜਿੱਥੇ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਹਰੇਕ ਪਿੰਡ ਵਿੱਚ ਨੋਡਲ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਜਿੱਥੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰ ਰਹੇ ਹਨ ਉਥੇ ਹੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਬਣਦੀ ਕਾਰਵਾਈ ਵੀ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ। ਇਸ ਜਾਗਰੂਕਤਾ ਮੁਹਿੰਮ ਵਿੱਚ ਹੋਰ ਵਾਧਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ )ਸਮੇਤ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਪਿੰਡਾਂ ਦੇ ਵਿੱਚ ਪਰਾਲੀ ਪ੍ਰਬੰਧਨ ਕਈ ਸਰਪੰਚਾਂ ,ਪੰਚਾਂ ਆਮ ਲੋਕਾਂ ਤੇ ਕਿਸਾਨਾਂ ਦੀ ਸਮੂਲੀਅਤ ਨੂੰ ਵੱਧ ਤੋਂ ਵੱਧ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦਾ ਆਯੋਜਨ ਕਰਨ ।ਡਿਪਟੀ ਕਮਿਸ਼ਨਰ ਨੇ  ਦੱਸਿਆ ਕਿ ਇਹਨਾਂ ਗ੍ਰਾਮ ਸਭਾਵਾਂ ਰਾਹੀਂ ਸਰਪੰਚਾਂ, ਪੰਚਾਂ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਨਾਲ ਨਾਲ ਪੰਚਾਇਤਾਂ ,ਸਹਿਕਾਰੀ ਸਭਾਵਾਂ  ਅਤੇ ਪ੍ਰਾਈਵੇਟ ਏਜੰਸੀਆਂ ਅਤੇ ਵਿਅਕਤੀਆਂ ਪਾਸ ਮੌਜੂਦ ਸੀ ਆਰ ਐਮ ਮਸ਼ੀਨਰੀ ਸਬੰਧੀ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਵਿਅਕਤੀਆਂ ਖਿਲਾਫ ਮਾਲ ਰਿਕਾਰਡ ਵਿੱਚ ਲਾਲ ਅੱਖਰਾਂ ਵਿੱਚ ਇਤਰਾਜ ਦਰਜ ਕੀਤੇ ਜਾਣਗੇ। ਇਨ੍ਹਾਂ ਆਦੇਸ਼ਾ ਸਬੰਧੀ ਵੀ ਗ੍ਰਾਮ ਸਭਾਵਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜਿੰਨਾ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਉਹਨਾਂ ਰਾਹੀਂ ਗ੍ਰਾਮ ਸਭਾ ਵਿੱਚ ਆਪਣੇ ਤਜਰਬੇ ਸਾਂਝੇ ਕਰਵਾ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰਕ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ।ਉਹਨਾਂ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਜਾਗਰੂਕ ਕੀਤਾ ਜਾਵੇ ਕਿ ਆਪਣੇ ਖੇਤਾਂ ਵਿੱਚ ਰੀਪਰ ਉਹਨਾਂ ਤੋਂ ਹੀ ਚਲਵਾਇਆ ਜਾਵੇ ਜਿਨਾਂ ਰੀਪਰ ਮਾਲਕਾਂ ਦਾ ਬੇਲਰਾਂ ਨਾਲ ਐਗਰੀਮੈਂਟ ਹੋਇਆ ਹੈ ।ਉਹਨਾਂ ਕਿਹਾ ਕਿ ਝੋਨੇ ਦੀ ਕਟਾਈ ਲਈ ਵਰਤੀਆਂ ਜਾ ਰਹੀਆਂ ਕੰਬਾਈਨਾਂ ਤੇ ਸੁਪਰ ਐਸ ਐਮ ਐਸ ਦੀ ਇੰਸਟਾਲੇਸ਼ਨ ਨੂੰ ਵੀ ਯਕੀਨੀ ਬਣਾਉਂਦੇ ਹੋਏ ਕਿਸਾਨਾਂ ਨੂੰ ਇਸ ਤੇ ਫਾਇਦਿਆਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ। ਉਹਨਾਂ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਗ੍ਰਾਮ ਸਭਾ ਵਿੱਚ ਮੌਜੂਦ ਸਰਪੰਚਾਂ ਪੰਚਾਂ ਮੋਹਤਬਰ ਲੋਕਾਂ ਤੇ ਕਿਸਾਨਾਂ ਲਈ ਸੋਹ ਚੁੱਕ ਦਾ ਵੀ ਆਯੋਜਨ ਕੀਤਾ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਪਸ਼ੂ ਪੰਛੀਆਂ ਤੋਂ ਇਲਾਵਾ ਬਜ਼ੁਰਗਾਂ ,ਬੱਚਿਆਂ ਤੇ ਮਨੁੱਖੀ ਸਿਹਤ ਤੇ ਇਸ ਦਾ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਜਿਸ ਤੋਂ ਬਚਾਓ ਲਈ ਸਾਨੂੰ ਸਾਰਿਆਂ ਨੂੰ ਵੱਧ ਚੜ ਕੇ ਉਪਰਾਲੇ ਕਰਨੇ ਚਾਹੀਦੇ ਹਨ।