ਮੋਰਿੰਡਾ, 20 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕ ਹਿੱਤ ਵਿੱਚ ਲਏ ਫੈਸਲਿਆਂ ਦੀ ਲੜੀ ਵਿਚ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਨੂੰ ਤਰਜੀਹ ਦਿੱਤੀ ਗਈ ਹੈ। ਆਮ ਲੋਕਾਂ ਨੂੰ ਵੀ ਅਪੀਲ ਹੈ ਕਿ ਇਨ੍ਹਾਂ ਜਨ ਸੁਣਵਾਈ ਕੈਂਪਾ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੀਆਂ ਸਮੱਸਿਆਵਾਂ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ ਤਾਂ ਜੋ ਉਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮੋਰਿੰਡਾ ਬਲਾਕ ਦੇ ਪਿੰਡ ਬੰਨ ਮਾਜਰਾ ਵਿਖੇ ਲਗਾਏ ਗਏ ਜਨ ਸੁਣਵਾਈ ਕੈਂਪ ਮੌਕੇ ਪਿੰਡ ਬੰਨ ਮਾਜਰਾ, ਚਰਹੇੜੀ ਅਤੇ ਬਹਿਡਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ’ਤੇ ਇਹ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸੇਵਾਵਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਖੱਜਲ ਖੁਆਰੀ ਤੋਂ ਬਚਾਉਣ ਲਈ ਇਹ ਕੈਂਪ ਕਾਫੀ ਲਾਹੇਵੰਦ ਸਿੱਧ ਹੋ ਰਹੇ ਹਨ। ਇਸ ਜਨ ਸੁਣਵਾਈ ਕੈਂਪ ਪਿੰਡ ਬਹਿਡਾਲੀ ਦੇ ਸਰਪੰਚ ਸ. ਚਰਨਜੀਤ ਸਿੰਘ ਨੇ ਆਪਣੇ ਪਿੰਡ ਵਿਚ ਹੈਲਥ ਸੈਂਟਰ ਬਣਾਉਣ ਦੀ ਮੰਗ ਅਤੇ ਬੰਨ ਮਾਜਰਾ ਤੋਂ ਸਰਪੰਚ ਸ. ਹਰਜਿੰਦਰ ਸਿੰਘ ਤੇ ਚਰਹੇੜੀ ਤੋਂ ਸਰਪੰਚ ਸ਼੍ਰੀਮਤੀ ਹਰਿੰਦਰ ਕੌਰ ਨੇ ਵੀ ਆਪਣੇ ਪਿੰਡ ਦੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ। ਇਸ ਤੋਂ ਇਲਾਵਾ ਪਿੰਡ ਦੇ ਲੋਕਾਂ ਵੱਲੋਂ ਆਪਣੀਆਂ ਮੁਸ਼ਕਿਲਾਂ ਬਾਰੇ ਜਿਵੇਂ ਕੱਚੇ ਮਕਾਨਾਂ, ਪੈਨਸ਼ਨ ਲਗਾਉਣ, ਰਾਸ਼ਨ ਕਾਰਡ ਬਣਾਉਣ ਅਤੇ ਹੋਰ ਸਰਕਾਰੀ ਸੇਵਾਵਾਂ ਨਾਲ ਸਬੰਧਤ ਵੱਖ ਵੱਖ ਦਰਖ਼ਾਸਤਾਂ ਪ੍ਰਾਪਤ ਹੋਈਆਂ ਜਿੰਨ੍ਹਾਂ ਦਾ ਯੋਗ ਨਿਪਟਾਰਾ ਕਰਨ ਲਈ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਜਿਵੇਂ ਰੋਜ਼ਗਾਰ ਵਿਭਾਗ, ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਜਲ ਸਪਲਾਈ ਵਿਭਾਗ, ਹੁਨਰ ਵਿਕਾਸ ਮਿਸ਼ਨ, ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਅਤੇ ਹੋਰਨਾਂ ਵਿਭਾਗਾਂ ਵੱਲੋਂ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਸ਼੍ਰੀਮਤੀ ਅਨਮਜੋਤ ਕੌਰ, ਐਸ.ਡੀ.ਐਮ. ਮੋਰਿੰਡਾ ਸ਼੍ਰੀ ਦਿਪਾਂਕਰ ਗਰਗ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ. ਨਰਪਿੰਦਰ ਸਿੰਘ, ਬੀ.ਡੀ.ਪੀ.ਓ. ਮੋਰਿੰਡਾ ਸ਼੍ਰੀਮਤੀ ਹਰਿੰਦਰ ਕੌਰ, ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।