ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੇ.ਵੀ.ਕੇ  ਵੱਲੋਂ ਪਿੰਡ  ਛਾਪਿਆਂਵਾਲੀ ਵਿਖੇ  ਕਿਸਾਨ ਜਾਗਰੂਕਤਾਂ ਕੈਂਪ ਦਾ ਆਯੋਜਨ

ਮਲੋਟ, 26 ਸਤੰਬਰ 2024 : ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਛਾਪਿਆਂ ਵਾਲੀ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਪਰਾਲੀ ਪ੍ਰਬੰਧਨ ਲਈ ਯੂਨੀਵਰਸਿਟੀ ਵੱਲੋਂ ਸਿਫਾਰਸ਼ ਵੱਖ-ਵੱਖ ਮਸ਼ੀਨਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ। ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨਾਲ ਭੂਮੀ ਦੀ ਸਿਹਤ ਸੁਧਾਰ ਅਤੇ ਫਸਲਾਂ ਦੇ ਉਤਪਾਦਨ ਵਿੱਤ ਹੋਣ ਵਾਲੇ ਵਾਧੇ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਖੇਤਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਦੇ ਫ਼ਾਇਦਿਆਂ ਦਾ ਜ਼ਿਕਰ ਕਰਦਿਆਂ ਉਹਨਾਂ ਦੱਸਿਆ ਕਿ ਇਸ ਨਾਲ ਜ਼ਮੀਨ ਦੇ ਭੌਤਿਕ ਗੁਣਾਂ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲ ਉੱਤੇ ਮਾੜੇ ਪਾਣੀ ਦਾ ਅਸਰ ਵੀ ਘਟਦਾ ਹੈ। ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਮਨੁੱਖੀ ਸਿਹਤ ਲਈ ਫਲਾਂ ਅਤੇ ਸਬਜ਼ੀਆਂ ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਚੰਗੇ ਦੁੱਧ ਉਤਪਾਦਨ ਲਈ ਚੰਗੀ ਖੁਰਾਕ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਬਾਰੇ ਜਾਣੂ ਕਰਵਾਇਆ। ਇਸ ਦੇ ਨਾਲ ਹੀ ਉਹਨਾਂ ਨੇ ਝੋਨੇ ਦੀ ਪਰਾਲੀ ਨੂੰ ਪਸੂਆਂ ਦੀ ਖੁਰਾਕ ਵਜੋਂ ਵਰਤਣ ਦੀ ਸਲਾਹ ਦਿਤੀ। ਕੈਂਪ ਦੌਰਾਨ ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਉਹਨਾਂ ਆਏ ਹੋਏ ਕਿਸਾਨਾਂ ਨੂੰ ਖੇਤੀ ਸਾਹਿਤ ਪੜ੍ਹਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਹਨਾਂ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਕੇ.ਵੀ.ਕੇ. ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦਾ ਵੀ ਜ਼ਿਕਰ ਕੀਤਾ। ਕੈਂਪ ਵਿਚ ਸ਼ਾਮਿਲ ਹੋਏ ਕਿਸਾਨਾਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਹੋਰ ਖੇਤੀ ਮਸਲਿਆਂ ਸੰਬੰਧੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ਤੇ ਉਹਨਾਂ ਸਵਾਲਾਂ ਦੇ ਜਵਾਬ ਦਿੱਤੇ ਗਏ।