- ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤ ਵਿੱਚ ਮਿਲਾਉਣ ਨਾਲ ਹੁੰਦੈ ਭੂਮੀ ਦੀ ਸਿਹਤ ਵਿੱਚ ਵਾਧਾ
- ਡੀ.ਸੀ. ਪਰਨੀਤ ਸ਼ੇਰਗਿੱਲ ਨੇ ਖੇੜਾ ਬਲਾਕ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਕੀਤੀ ਕਣਕ ਦੀ ਬਿਜਾਈ ਦਾ ਲਿਆ ਜਾਇਜ਼ਾ
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਦਿਨੋਂ ਦਿਨ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਇੱਕ ਗੰਭੀਰ ਚੁਣੋਤੀ ਵਾਂਗ ਹੈ ਜਿਸ ਨੂੰ ਠੱਲ ਪਾਉਣ ਲਈ ਸਾਨੂੰ ਮਿਲ ਕੇ ਆਪਣਾ ਯੋਗਦਾਨ ਪਾਉਣਾ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਖੇੜਾ ਬਲਾਕ ਦੇ ਪਿੰਡ ਹਿੰਦੂਪੁਰ, ਬੀਬੀਪੁਰ ਤੇ ਸਾਧੂਗੜ੍ਹ ਵਿਖੇ ਕਿਸਾਨਾਂ ਵੱਲੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਕੀਤੀ ਕਣਕ ਦੀ ਬਿਜਾਈ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਅਧੀਨ ਜ਼ਿਲ੍ਰਾ ਪ੍ਰਸ਼ਾਸ਼ਨ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਕੇ ਇਸ ਪ੍ਰਥਾ ਦਾ ਖਾਤਮਾ ਕੀਤਾ ਜਾ ਸਕੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ ਸਬਸਿਡੀ ਤੇ ਖੇਤੀ ਮਸੀਨਰੀ ਦਿੱਤੀ ਗਈ ਹੈ ਅਤੇ ਖੇੜਾ ਬਲਾਕ ਦੇ ਕਿਸਾਨਾਂ ਕੋਲ ਬੇਲਰ ਮਸ਼ੀਨਾ ਉਪਲਬਧ ਹਨ ਜਿਨ੍ਹਾਂ ਦੀ ਮਦਦ ਨਾਲ ਪਰਾਲੀ ਦੀਆਂ ਗੰਢਾਂ ਬਣਾ ਕੇ ਪਰਾਲੀ ਦੀ ਸੁਚੱਜੀ ਸੰਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀਆਂ ਗੰਢਾਂ ਬਣਾ ਕੇ ਆਸਾਨੀ ਨਾਲ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ ਅਤੇ ਇਸ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਜਰੂਰਤ ਵੀ ਨਹੀਂ ਪੈਂਦੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਲਈ ਜੇਕਰ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ, ਇਸ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹ ਦਿੱਤਾ ਜਾਵੇ ਜਿਸ ਨਾਲ ਪ੍ਰਦੂਸ਼ਣ ਤੋਂ ਰਾਹਤ ਮਿਲੇਗੀ ਅਤੇ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸੁਪਰ ਸੀਡਰ, ਹੈਪੀ ਸੀਡਰ ਤੇ ਹੋਰ ਮਸ਼ੀਨਰੀ ਸਬਸਿਡੀ ਤੇ ਦਿੱਤੀ ਜਾ ਰਹੀ ਹੈ ਅਤੇ ਹਿੰਦੂਪੁਰ ਦੇ ਅਗਾਂਹਵਧੂ ਕਿਸਾਨ ਸ਼੍ਰੀ ਇੰਦਰਜੀਤ ਸਿੰਘ ਆਪਣੇ ਖੇਤਾਂ ਵਿੱਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਕਿਸਾਨ ਪਿਛਲੇ 4 ਸਾਲਾਂ ਤੋਂ ਇਸੇ ਤਕਨੀਕ ਨਾਲ ਬਿਜਾਈ ਕਰਦਾ ਹੈ ਜਿਸ ਨਾਲ ਇਸ ਨੂੰ ਵੱਧ ਝਾੜ ਵੀ ਪ੍ਰਾਪਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਖੇਸੜਾ ਬਲਾਕ ਵਿੱਚ ਇੱਕ ਸੁਪਰ ਸੀਡਰ ਅਤੇ ਇੱਕ ਜੀਰੋ ਟਿੱਲ ਡਰਿੱਲ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਦਾ ਕਿਸਾਨ ਲਾਭ ਲੈ ਸਕਦੇ ਹਨ। ਇਸ ਮੌਕੇ ਅਗਾਂਹਵਧੂ ਕਿਸਾਨ ਇੰਦਰਜੀਤ ਸਿੰਘ ਹਿੰਦੂਪੁਰ ਨੇ ਦੱਸਿਆ ਕਿ ਉਸ ਕੋਲ ਆਪਣੀ ਸੁਪਰ ਸੀਡਰ ਮਸ਼ੀਨ ਨਹੀਂ ਹੈ ਅਤੇ ਉਹ ਕਿਰਾਏ ਤੇ ਮਸ਼ੀਨ ਲੈ ਕੇ ਕਣਕ ਦੀ ਬਿਜਾਈ ਕਰਦਾ ਹੈ। ਇਸੇ ਤਰ੍ਹਾਂ ਬੀਬੀਪੁਰ ਦੇ ਕਿਸਾਨ ਗੁਰਬਚਨ ਸਿੰਘ ਨੇ ਦੱਸਿਆ ਕਿ ਉਸ ਕੋਲ ਵੀ ਆਪਣੀ ਮਸ਼ੀਨ ਨਹੀਂ ਹੈ ਉਹ ਵਿਭਾਗ ਤੋਂ ਇਹ ਮਸ਼ੀਨ ਲੈ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ। ਇਸ ਮੌਕੇ ਅਗਾਂਹਵਧੂ ਕਿਸਾਨ ਧਰਮਿੰਦਰ ਸਿੰਘ ਮੱਠੀ (98888 31079), ਗੁਰਵਿੰਦਰ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਵੀ ਪਰਾਲੀ ਦੀਆਂ ਗੰਢਾਂ ਬਣਾ ਕੇ ਕਣਕ ਦੀ ਬਿਜਾਈ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਬਲਾਕ ਦੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਤਰ੍ਰਾਂ ਇਹ ਕਿਸਾਨ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ ਉਹ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਦੂਸਰੇ ਕਿਸਾਨਾਂ ਨੂੰ ਵੀ ਇਸ ਤੋਂ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਰੰਗੀਲ ਸਿੰਘ, ਜਸਵਿੰਦਰ ਸਿੰਘ, ਦਮਨ ਝਾਂਜੀ, ਪੁਨੀਤ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।