- ਡੀ.ਸੀ. ਵੱਲੋਂ ਫ਼ਸਲਾਂ ਦੇ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਦੇ ਮੁਲੰਕਣ ਲਈ ਮੀਟਿੰਗ
ਪਟਿਆਲਾ, 10 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਕਿਸਾਨਾਂ ਨੂੰ ਬਹੁਤ ਜਲਦ ਮੁਆਵਜ਼ਾ ਦਿੱਤਾ ਜਾਵੇਗਾ, ਜਿਨ੍ਹਾਂ ਦੀਆਂ ਫ਼ਸਲਾਂ ਹਾਲ ਹੀ ਦੌਰਾਨ ਹੋਈ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਰਕੇ ਨੁਕਸਾਨੀਆਂ ਗਈਆਂ ਸਨ। ਡਿਪਟੀ ਕਮਿਸ਼ਨਰ, ਜ਼ਿਲ੍ਹੇ ਅੰਦਰ ਕਿਸਾਨਾਂ ਦੀਆਂ ਫ਼ਸਲਾਂ ਦੀ ਸਪੈਸ਼ਲ ਗਿਰਦਾਵਰੀ ਦਾ ਮੁਲੰਕਣ ਕਰਨ ਲਈ ਐਸ.ਡੀ.ਐਮਜ਼, ਜ਼ਿਲ੍ਹਾ ਮਾਲ ਅਫ਼ਸਰ, ਖੇਤੀਬਾੜੀ ਅਧਿਕਾਰੀਆਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਨਾਲ ਇੱਕ ਸਾਂਝੀ ਮੀਟਿੰਗ ਕਰ ਰਹੇ ਸਨ। ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਅੰਦਰ ਪ੍ਰਭਾਵਤ ਕਿਸਾਨਾਂ ਦੀਆਂ ਫ਼ਸਲਾਂ ਦੀ ਸਪੈਸ਼ਲ ਗਿਰਦਾਵਰੀ ਕਰਵਾਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੇ ਪ੍ਰਭਾਵਤ ਕਿਸਾਨਾਂ ਦੇ ਖਾਤਿਆਂ 'ਚ 13 ਤੇ 14 ਅਪ੍ਰੈਲ ਤੱਕ ਮੁਆਵਜੇ ਦੀ ਰਾਸ਼ੀ ਪਾਈ ਜਾਵੇਗੀ। ਉਨ੍ਹਾਂ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਸਮੁੱਚਾ ਕੰਮ ਤੁਰੰਤ ਨੇਪਰੇ ਚੜ੍ਹਾਇਆ ਜਾਵੇ। ਇਸ ਮੀਟਿੰਗ 'ਚ ਸਹਾਇਕ ਕਮਿਸ਼ਨਰ ਸਿਖਲਾਈ ਅਧੀਨ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮਜ਼ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਡਾ. ਸੰਜੀਵ ਕੁਮਾਰ, ਕਿਰਪਾਲਵੀਰ ਸਿੰਘ, ਨਵਦੀਪ ਕੁਮਾਰ, ਤਰਸੇਮ ਚੰਦ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਅਵਨਿੰਦਰ ਸਿੰਘ ਮਾਨ ਸਮੇਤ ਹੋਰ ਅਧਿਕਾਰੀ ਮੌਜੂਦ ਸਨ।