- ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ, ਰੁਜਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਵਿਚ ਜੋੜਿਆਂ ਜਾ ਰਿਹਾ ਹੈ—ਨਰਿੰਦਰ ਪਾਲ ਸਿੰਘ ਸਵਨਾ
- ਹਰੇਕ ਨਾਗਰਿਕ ਨੂੰ ਨਸ਼ਿਆਂ ਦੇ ਕਲੰਕ ਨੂੰ ਖ਼ਤਮ ਕਰਨ ਲਈ ਅੱਗੇ ਆਉਣ ਦੀ ਲੋੜ—ਡਿਪਟੀ ਕਮਿਸ਼ਨਰ
- ਜਿ਼ਲ੍ਹ ਅੰਦਰ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ—ਐਸ.ਐਸ.ਪੀ. ਮਨਜੀਤ ਸਿੰਘ ਢੇਸੀ
ਫਾਜਿ਼ਲਕਾ, 02 ਦਸੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਦੀ ਸਿੱਧੀ ਲਈ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੀ ਅਗਵਾਈ ਵਿਚ ਜਿ਼ਲ੍ਹਾ ਪੁਲਿਸ ਵੱਲੋਂ ਪਹਿਲੀ ਓਪਨ ਐਥਲੇਟਿਕਸ ਚੈਂਪੀਅਨਸਿ਼ਪ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜਿ਼ਲਕਾ ਵਿਖੇ ਕਰਵਾਈ ਗਈ। ਇਸ ਦਾ ਉਦਘਾਟਨ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ੍ਰੀ ਮਨਜੀਤ ਸਿੰਘ ਢੇਸੀ ਨੇ ਕੀਤਾ। ਇਸ ਖੇਡ ਮੁਕਾਬਲੇ ਵਿਚ ਵੱਡੀ ਗਿਣਤੀ ਵਿਚ ਖਿਡਾਰੀਆਂ ਨੇ ਭਾਗ ਲਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸਰਕਾਰ ਹਰ ਉਪਰਾਲਾ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ, ਰੋਜਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਵਿਚ ਜੋੜਿਆ ਜਾਵੇ। ਇਕ ਪਾਸੇ ਸਰਕਾਰ ਸਰਕਾਰੀ ਨੌਕਰੀਆਂ ਦੇ ਰਹੀ ਹੈ ਦੂਜੇ ਪਾਸੇ ਖੇਡਾਂ ਨੂੰ ਉਤਸਾਹਿਤ ਕਰ ਰਹੀ ਹੈ। ਵਿਧਾਇਕ ਨੇ ਜਿ਼ਲ੍ਹਾ ਪੁਲਿਸ ਦੇ ਇਸ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਸ ਤਰਾਂ ਦੇ ਉਪਰਾਲਿਆਂ ਨਾਲ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਉਤਸਾਹ ਵਧੇਗਾ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇਗੀ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਵਿਚ ਵੱਧ ਤੋਂ ਵੱਧ ਖੇਡ ਮੈਦਾਨ ਬਣਾਏਗੀ ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਲਈ ਉਚਿਤ ਮਹੌਲ ਮਿਲੇਗਾ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਨਸ਼ੇ ਤੋਂ ਪੀੜਤ ਵਿਅਕਤੀ ਦਾ ਸਰਕਾਰ ਵੱਲੋਂ ਖੋਲ੍ਹੇ ਓਟ ਸੈਂਟਰਾਂ ਵਿਚ ਇਲਾਜ਼ ਕਰਵਾਇਆ ਜਾ ਸਕਦਾ ਹੈ ਜਿੱਥੇ ਲੋੜੀਂਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਉਨ੍ਹਾਂ ਨੇ ਕਿਹਾ ਕਿ ਹਰੇਕ ਨਾਗਰਿਕ ਨੂੰ ਨਸਿ਼ਆਂ ਦੀ ਰੋਕਥਾਮ ਪ੍ਰਤੀ ਆਪਣੇ ਫਰਜ ਪਹਿਚਾਣਦਿਆਂ ਇਸ ਮੁਹਿੰਮ ਵਿਚ ਸਾਥ ਦੇਣਾ ਚਾਹੀਦਾ ਹੈ। ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਨਸ਼ਿਆਂ ਤੋਂ ਦੂਰ ਰਹਿਣ ਲਈ ਸਮੇਂ ਸਮੇਂ ’ਤੇ ਜਾਗਰੂਕਤਾ ਗਤੀਵਿਧੀਆਂ ਵੀ ਉਲੀਕੀਆਂ ਜਾਂਦੀਆਂ ਹਨ।ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿਚ ਇਸ ਤਰਾਂ ਦੇ ਆਯੋਜਨ ਸਬ ਡਵੀਜਨ ਪੱਧਰ ਤੇ ਵੀ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਪਿੰਡ ਸੁਰੱਖਿਆ ਕਮੇਟੀਆਂ ਰਾਹੀਂ ਵੀ ਨਸ਼ੇ ਦੇ ਖਿਲਾਫ ਅਭਿਆਨ ਚਲਾਇਆ ਗਿਆ ਹੈ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਜੇਕਰ ਤੁਹਾਡੇ ਆਸ ਪਾਸ ਕੋਈ ਨਸ਼ਾ ਤਸਕਰੀ ਕਰਦਾ ਹੋਵੇ ਤਾਂ ਉਸਦੀ ਸੂਚਨਾ ਪfੁਲਸ ਨੂੰ ਦਿਓ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।ਉਨ੍ਹਾਂ ਨੇ ਸਮੂਹ ਮਹਿਮਾਨਾਂ ਅਤੇ ਖਿਡਾਰੀਆਂ ਦਾ ਇਸ ਸਮਾਗਮ ਵਿਚ ਸਿ਼ਰਕਤ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਗਿੱਧਾ, ਭੰਗੜਾ ਅਤੇ ਨਸਿ਼ਆਂ ਖਿਲਾਫ ਜਾਗਰੂਕਤਾ ਦਾ ਨਾਟਕ ਵੀ ਪੇਸ਼ ਕੀਤਾ ਗਿਆ। ਨਸਿ਼ਆਂ ਖਿਲਾਫ ਲੜਣ ਦਾ ਸਭ ਨੇ ਪ੍ਰਣ ਵੀ ਕੀਤਾ ਅਤੇ ਪੈਰਾ ਗਲਾਇਡਰ ਦਾ ਸ਼ੋਅ ਵੀ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ 1500 ਮੀਟਰ, 100 ਮੀਟਰ, 400 ਮੀਟਰ, ਉੱਚੀ ਅਤੇ ਲੰਬੀ ਛਾਲ, ਸ਼ਾਟ ਪੁੱਟ, ਜੈਵਲਿਟ ਥ੍ਰੋਅ, ਹੈਮਰ ਥ੍ਰੋਅ ਵਰਗੇ ਮੁਕਾਬਲੇ ਵੀ ਕਰਵਾਏ ਗਏ। ਜੇਤੂਆਂ ਨੂੰ ਆਕਰਸ਼ਕ ਇਨਾਮ ਦਿੱਤੇ ਗਏ। ਇਸ ਮੌਕੇ ਏਡੀਸੀ ਸ੍ਰੀ ਰਵਿੰਦਰ ਸਿੰਘ ਅਰੋੜਾ, ਐਸਪੀ ਮਨਜੀਤ ਸਿੰਘ, ਡੀਐਸਪੀ ਨਾਰਕੋਟਿਕਸ ਸ੍ਰੀ ਅਤੁਲ ਸੋਨੀ ਸਮੇਤ ਵੱਖ ਵੱਖ ਅਧਿਕਾਰੀ ਅਤੇ ਸਮਾਜ ਦੇ ਪਤਵੰਤੇ ਵੀ ਹਾਜਰ ਸਨ।