ਪਟਿਆਲਾ, 15 ਮਈ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਦੇ ਇਲਾਜ ਲਈ ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾਂ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਿਛਲੇ ਇਕ ਸਾਲ ਦੌਰਾਨ 102 ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ 67 ਲੱਖ 43 ਹਜ਼ਾਰ 791 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਮਰੀਜ਼ ਨੂੰ ਇਲਾਜ ਲਈ 1 ਲੱਖ 50 ਹਜ਼ਾਰ ਰੁਪਏ ਦਾ ਇਲਾਜ ਸਰਕਾਰੀ ਤੇ ਮਾਨਤਾ ਪ੍ਰਾਪਤ ਹਸਪਤਾਲਾਂ ‘ਚ ਮੁਫ਼ਤ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਇਸ ਸਬੰਧੀ ਸਾਰੀ ਪ੍ਰਕਿਰਿਆ ਆਨ-ਲਾਈਨ ਕੀਤੀ ਜਾਂਦੀ ਹੈ ਜੋ ਸਿੱਧੇ ਤੌਰ ‘ਤੇ ਜਿਹੜੇ ਹਸਪਤਾਲ ਤੋਂ ਮਰੀਜ਼ ਇਲਾਜ ਕਰਵਾਉਂਦਾ ਹੈ ਉਸ ਹਸਪਤਾਲ ਨੂੰ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਯੋਜਨਾਂ ਅਧੀਨ ਮਰੀਜ਼ਾਂ ਨੂੰ ਇਹ ਸਹਾਇਤਾ ਰਾਸ਼ੀ ਆਨ-ਲਾਈਨ ਤਰੀਕੇ ਨਾਲ ਪੇਪਰ ਲੇਸ ਅਤੇ ਕੈਸ਼ ਲੇਸ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਪਟਿਆਲਾ ਜ਼ਿਲ੍ਹੇ ਦੇ ਵਸਨੀਕ ਮਰੀਜ਼ ਪੰਜਾਬ ਸਰਕਾਰ ਤੋਂ ਇਮਪੈਨਲਡ ਹਸਪਤਾਲ ਤੋਂ ਜੇਕਰ ਇਲਾਜ ਕਰਵਾਉਂਦੇ ਹਨ ਤਾਂ ਉਨ੍ਹਾਂ ਦੇ ਇਲਾਜ ਦਾ 1 ਲੱਖ 50 ਹਜ਼ਾਰ ਤੱਕ ਦਾ ਖਰਚਾ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਯੋਜਨਾਂ ਰਾਹੀਂ ਸਿੱਧਾ ਹਸਪਤਾਲ ਨੂੰ ਦਿੱਤਾ ਜਾਂਦਾ ਹੈ।