ਮਾਲੇਰਕੋਟਲਾ 12 ਮਈ : ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ 'ਚ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ 497 ਲਾਭਪਾਤਰੀਆਂ ਨੂੰ 2 ਕਰੋੜ 53 ਲੱਖ 47 ਹਜ਼ਾਰ ਲੱਖ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿੱਤੀ ਸਾਲ 2022-23 ਦੌਰਾਨ ਅਨੁਸੂਚਿਤ ਜਾਤੀ ਦੇ 183 ਲਾਭਪਾਤਰੀਆਂ ਨੂੰ 93 ਲੱਖ 33 ਹਜ਼ਾਰ ਰੁਪਏ ਦੀ ਰਾਸ਼ੀ ਅਤੇ ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ 314 ਲਾਭਪਾਤਰੀਆਂ ਨੂੰ 01 ਕਰੋੜ 60 ਲੱਖ 14 ਹਜ਼ਾਰ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 02 ਕਰੋੜ 53 ਲੱਖ 47 ਲੱਖ ਰੁਪਏ ਦੀ ਵਿੱਤੀ ਸਹਾਇਤਾ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਆਸ਼ੀਰਵਾਦ (ਸ਼ਗਨ) ਸਕੀਮ ਦੇ ਰੂਪ 'ਚ ਦਿੱਤੀ ਜਾ ਚੁੱਕੀ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮਾਲੇਰਕੋਟਲਾ ਸ੍ਰੀ ਮੁਕਲ ਬਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਲਈ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਲਾਭਪਾਤਰੀਆਂ ਲਈ ਆਨਲਾਈਨ ਪੋਰਟਲ ਤੇ ਬਿਨੈ ਕਰਨ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ, ਚਾਹਵਾਨ http://ashirwad.punjab.gov.in ਤੇ ਅਰਜ਼ੀ ਆਨਲਾਈਨ ਭਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਨਲਾਈਨ ਪੋਰਟਲ ਤੇ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀ ਅਰਜ਼ੀ ਦੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹਨ।