ਬਰਨਾਲਾ, 2 ਜਨਵਰੀ : ਸੂਬੇ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ, ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਭਾਸ਼ਾ ਵਿਭਾਗ ਪੰਜਾਬ ਦਾ 76ਵਾਂ ਸਥਾਪਨਾ ਦਿਵਸ ਪੁਸਤਕ ਸਭਿਆਚਾਰ ਦੀ ਪ੍ਰਫੁੱਲਤਾ ਦੇ ਮਨੋਰਥ ਨਾਲ ਪਾਠਕਾਂ ਨੂੰ ਭਾਸ਼ਾ ਵਿਭਾਗ ਦੀਆਂ ਕਿਤਾਬਾਂ ਅਤੇ ਰਸਾਲੇ ਮੁਫ਼ਤ ਮੁਹੱਈਆ ਕਰਵਾਕੇ ਮਨਾਇਆ ਗਿਆ। ਬਿੰਦਰ ਸਿੰਘ ਖੁੱਡੀ ਕਲਾਂ ਕਾਰਜਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਹਰਪ੍ਰੀਤ ਕੌਰ ਦੀ ਦੇਖ ਰੇਖ ਹੇਠ ਭਾਸ਼ਾ ਵਿਭਾਗ ਦਾ 76ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਪਾਠਕਾਂ ਨੂੰ ਭਾਸ਼ਾ ਵਿਭਾਗ ਦੀਆਂ ਕਿਤਾਬਾਂ ਅਤੇ ਰਸਾਲੇ ਮੁਫਤ ਮੁਹੱਈਆ ਕਰਵਾਏ ਗਏ।ਵਿਭਾਗ ਦੇ ਸਥਾਪਨਾ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਕਿਹਾ ਕਿ ਵਿਭਾਗ ਵੱਲੋਂ ਸਾਹਿਤ ਦੇ ਖੇਤਰ ਵਿੱਚ ਕੀਤੇ ਗਏ ਵਡਮੁੱਲੇ ਕਾਰਜ ਕੀਤੇ ਗਏ ਹਨ ਅਤੇ ਮੌਜ਼ੂਦਾ ਸਮੇਂ 'ਚ ਵੀ ਕੀਤੇ ਜਾ ਰਹੇ ਹਨ। ਭਾਸ਼ਾ ਅਧਿਕਾਰੀ ਨੇ ਕਿਹਾ ਕਿ 1 ਜਨਵਰੀ 1948 ਨੂੰ ਪੰਜਾਬੀ ਸੈਕਸ਼ਨ ਦੇ ਨਾਂ ਨਾਲ ਸਥਾਪਿਤ ਹੋਇਆ ਇਹ ਵਿਭਾਗ ਸਾਲ 1949 ਵਿਚ ਮਹਿਕਮਾ ਪੰਜਾਬੀ ਅਤੇ ਫੇਰ ਸਾਲ 1956 ਤੋਂ ਭਾਸ਼ਾ ਵਿਭਾਗ, ਪੰਜਾਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ।ਵਿਭਾਗ ਵੱਲੋਂ ਕੋਸ਼ਕਾਰੀ ਅਤੇ ਪੰਜਾਬੀ ਵਿਸ਼ਵ ਕੋਸ਼ ਦੇ ਖੇਤਰ 'ਚ ਬਹੁਮੁੱਲੇ ਕਾਰਜ ਕੀਤੇ ਗਏ ਹਨ।ਵਿਦਿਆਰਥੀਆਂ ਅਤੋ ਖੋਜਾਰਥੀਆਂ ਦੀ ਸਹੂਲਤ ਸ਼ਬਦਾਵਲੀਆਂ ਪੰਜਾਬੀ ਭਾਸ਼ਾ ਵਿਚ ਛਾਪ ਕੇ ਇੱਕ ਵਿਲੱਖਣ ਕਾਰਜ ਕੀਤਾ ਗਿਆ ਹੈ। ਪੰਜਾਬੀ ਦੀਆਂ ਦੁਰਲੱਭ ਕਿਰਤਾਂ ਜਿਵੇਂ ਮਹਾਨ ਕੋਸ਼, ਪੰਜਾਬ ਦੀਆਂ ਲੋਕ ਕਹਾਣੀਆਂ, ਗੁਲਸਿਤਾਂ ਬੋਸਤਾਂ, ਸ਼ਹੀਦਾਨ-ਏ-ਵਫਾ ਆਦਿ ਪ੍ਰਕਾਸ਼ਿਤ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਆਪਣੇ ਸਥਾਪਨਾ ਦਿਵਸ ਤੋਂ ਲੈ ਕੇ ਪੰਜਾਬੀ ਭਾਸ਼ਾ ਦੀ ਪ੍ਰਫੁੱਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਹਰ ਵਰ੍ਹੇ ਮਾਂ ਬੋਲੀ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾ ਕੇ ਮਾਂ ਬੋਲੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾਂਦਾ ਹੈ।ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਵੰਬਰ ਮਹੀਨੇ ਨੂੰ ਪੰਜਾਬੀ ਮਾਹ ਵਜੋਂ ਮਨਾਉਣ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਦੌਰਾਨ ਪੂਰਾ ਮਹੀਨਾ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਰਾਜ ਅਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਏ ਜਾਂਦੇ ਹਨ।ਸਰਵੋਤਮ ਪੁਸਤਕਾਂ ਦੇ ਲੇਖਕਾਂ ਨੂੰ ਸਨਮਾਨ ਪ੍ਰਦਾਨ ਕੀਤੇ ਜਾਂਦੇ ਹਨ।ਪੰਜਾਬ 'ਚ ਪੁਸਤਕ ਸਭਿਆਚਾਰ ਦੀ ਪ੍ਰਫੁੱਲਿਤਾ ਭਾਸ਼ਾ ਵਿਭਾਗ ਦਾ ਮੁੱਖ ਟੀਚਾ ਹੈ।ਵਿਭਾਗ ਵੱਲੋਂ ਬਕਾਇਦਾ ਪੂਰੇ ਵਰ੍ਹੇ ਦੀ ਅਗਾਊਂ ਸਾਰਣੀ ਬਣਾਕੇ ਸਾਹਿਤ ਦੀਆਂ ਵੱਖ ਵੱਖ ਵਿਧਾਵਾਂ ਬਾਰੇ ਸਮਾਗਮ ਕਰਵਾਉਣ ਦੇ ਨਾਲ-ਨਾਲ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਅਤੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਜਾਂਦੇ ਹਨ।ਸਕੂਲਾਂ ਅਤੇ ਕਾਲਜਾਂ ਤੋਂ ਇਲਾਵਾ ਜਨਤਕ ਥਾਵਾਂ 'ਤੇ ਪ੍ਰਦਰਸ਼ਨੀਆਂ ਲਗਾਕੇ ਵਿਭਾਗ ਦੀਆਂ ਪੁਸਤਕਾਂ ਪਾਠਕਾਂ ਨੂੰ ਬਹੁਤ ਹੀ ਵਾਜਬ ਰੇਟਾਂ 'ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੇ ਨਾਲ ਨਾਲ ਨਿੱਜੀ ਅਦਾਰਿਆਂ ਦੇ ਨਾਮ ਬੋਰਡ ਅਤੇ ਸੜਕਾਂ ਦੇ ਦਿਸ਼ਾ ਸੂਚਕ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣ ਬਾਰੇ ਵੀ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।