- ਵਿਧਾਇਕ ਰਾਏ ਤੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਹਰੀ ਝੰਡੀ ਦੇ ਕੇ 45 ਈ-ਰਿਕਸ਼ਾ ਕੀਤੇ ਰਵਾਨਾ
ਫਤਹਿਗੜ੍ਹ ਸਾਹਿਬ, 26 ਦਸੰਬਰ : ਸਰਬੰਸਦਾਨੀ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅੱਜ ਆਰੰਭ ਹੋਈ ਸ਼ਹੀਦੀ ਸਭਾ ਦੌਰਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਪੁੱਜਣ ਵਾਲੀ ਸੰਗਤ ਵਿੱਚ ਸ਼ਾਮਲ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਅਤੇ ਦਿਵਿਆਂਗਜਨਾਂ ਨੂੰ ਆਵਾਜਾਈ ਦੀ ਮੁਫਤ ਸਹੂਲਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਈ-ਰਿਕਸ਼ੇ ਮੁਹੱਈਆ ਕਰਵਾਏ ਹਨ। ਇਨ੍ਹਾਂ ਈ-ਰਿਕਸ਼ਿਆਂ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਦੀ ਦੁਨੀਆ ਭਰ ਵਿੱਚ ਕੋਈ ਮਿਸਾਲ ਨਹੀ ਮਿਲਦੀ। ਉਨ੍ਹਾਂ ਕਿਹਾ ਕਿ ਈ-ਰਿਕਸ਼ਿਆਂ ਦੀ ਸ਼ੁਰੂਆਤ ਸੰਗਤ ਦੀ ਸੇਵਾ ਲਈ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਬਾਹਰੋਂ ਆਉਣ ਵਾਲੀ ਸੰਗਤ ਵਿੱਚ ਸ਼ਾਮਲ ਸਰੀਰਕ ਪੱਖੋਂ ਲੋੜਵੰਦ ਇਨ੍ਹਾਂ ਰਿਕਸ਼ਿਆ ਦਾ ਲਾਭ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਈ-ਰਿਕਸ਼ੇ ਸ਼ਹੀਦੀ ਸਭਾ ਦੌਰਾਨ ਸੰਗਤ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ ਅਤੇ ਸੰਗਤ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਸਕੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਮੁੱਖ ਮੰਤਰੀ ਦੇ ਫੀਲਡ ਅਫਸਰ ਅਭਿਸ਼ੇਕ ਸ਼ਰਮਾ, ਐਸ.ਡੀ.ਐਮ. ਸ਼੍ਰੀ ਅਰਵਿੰਦ ਕੁਮਾਰ, ਸਹਾਇਕ ਕਮਿਸ਼ਨਰ (ਜ) ਪ੍ਰੋਮਿਲਾ ਸ਼ਰਮਾ, ਡੀ.ਡੀ.ਪੀ.ਓ. ਹਿਤੇਨ ਕਪਿਲਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਸ਼ਹਿਰੀ ਪਤਵੰਤੇ ਵੀ ਮੌਜੂਦ ਸਨ।