ਫਾਜ਼ਿਲਕਾ 2 ਨਵੰਬਰ : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜਿਲ੍ਹੇ ਭਰ ਵਿਚ ਆਯੂਸਮਾਨ ਕਾਰਡ ਬਣਾਉਣ ਲਈ ਮੁਹਿੰਮ ਵਿੱਢੀ ਜਾ ਰਹੀ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਮਕਸਦ ਨਾਲ ਇਕ ਦਿਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 30 ਨਵੰਬਰ 2023 ਤੱਕ ਕਾਰਡ ਬਣਾਉਣ ਵਾਲੇ ਸਾਰੇ ਲਾਭਪਾਤੀਆਂ ਵਿਚੋ ਲੱਕੀ ਡਰਾਅ ਦੇ ਜਰੀਏ ਦੱਸ ਲੋਕਾਂ ਨੂੰ ਨਗਦ ਇਨਾਮ ਦਿੱਤੇ ਜਾਣਗੇ।ਜਿਸ ਵਿਚ ਪਹਿਲਾ ਇਨਾਮ ਇਕ ਲੱਖ ਰੁਪਏ, ਦੂਜਾ ਇਨਾਮ ਪੰਜਾਹ ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾ ਇਨਾਮ ਅੱਠ ਹਜ਼ਾਰ ਰੁਪਏ ਅਤੇ ਛੇਵੇ ਤੋ ਦੱਸਵੇ ਇਨਾਮ ਤੱਕ ਸਾਰੇ ਜੇਤੂਆਂ ਨੂੰ ਪੰਜ ਪੰਜ ਹਾਜ਼ਰ ਰੁਪਏ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਰ ਇਕ ਲਾਭਪਾਤਰੀ ਨੂੰ ਹਰ ਸਾਲ ਪੂਰੇ ਪਰਿਵਾਰ ਲਈ ਪੰਜ ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਮੁਹਈਆ ਕੀਤੀ ਜਾਂਦੀ ਹੈ। ਉਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਾਰਡ ਬਣਾਉਣ ਵਾਲੇ ਲਾਭਪਾਤਰੀਆਂ ਨੂੰ ਉਤਸਾਹਿਤ ਕਰਨ ਲਈ ਦੀਵਾਲੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਗੁਰਪੁਰਬ ਮੌਕੇ ਤੇ ਬੰਪਰ ਡਰਾਅ 4 ਦਸੰਬਰ 2023 ਨੂੰ ਕੱਢਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਲੈਣ ਲਈ 30 ਨਵੰਬਰ 2023 ਤੱਕ ਆਪਣੇ ਸਿਹਤ ਬੀਮਾ ਯੋਜਨਾ ਕਾਰਡ ਜਰੂਰ ਬਣਾਉਣ।ਉਨਾਂ ਦੱਸਿਆ ਕਿ ਸਿਹਤ ਬੀਮਾ ਯੋਜਨਾ ਕਾਰਡ ਖੁਦ ਘਰ ਬੈਠੇ "ਆਯੂਸਮਾਨ ਐਪ" ਦੇ ਰਾਹੀ ਬਣਾਇਆ ਜਾ ਸਕਦਾ ਜਾਂ ਆਸਾ ਵਰਕਰ/ ਸੂਚੀਬੱਧ ਹਸਪਤਾਲਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।