ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਤੇ 21 ਫਰਵਰੀ ਤੋਂ ਪਹਿਲਾਂ ਆਪਣੇ ਸਾਈਨ ਬੋਰਡ ਪੰਜਾਬੀ ਵਿੱਚ ਲਿਖਣੇ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ

ਲੁਧਿਆਣਾ, 17 ਫਰਵਰੀ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਉਹ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਮਲਿਕ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਅਤੇ ਲੋਕਾਂ ਨੂੰ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਪ੍ਰਦਰਸ਼ਿਤ ਕਰਨ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ 21 ਫਰਵਰੀ ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਵਜੋਂ ਮਨਾਏ ਜਾਣ ਤੋਂ ਪਹਿਲਾਂ ਸਾਰੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿੱਚ ਸਾਈਨ ਬੋਰਡਾਂ 'ਤੇ ਮਾਂ-ਬੋਲੀ ਦੀ ਵਰਤੋਂ ਕਰਨਾ ਲਾਜ਼ਮੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਤੋਂ ਇਲਾਵਾ ਬੋਰਡਾਂ, ਕਾਰਪੋਰੇਸ਼ਨਾਂ, ਵਿਦਿਅਕ ਅਦਾਰਿਆਂ ਅਤੇ ਜਨਤਕ, ਨਿੱਜੀ ਅਤੇ ਵਪਾਰਕ ਅਦਾਰਿਆਂ ਨੂੰ ਇਸ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਸਾਰੇ ਵਿਭਾਗਾਂ ਨੂੰ ਪੰਜਾਬ ਰਾਜ ਭਾਸ਼ਾ (ਪੰਜਾਬੀ ਰਾਜਭਾਸ਼ਾ) ਐਕਟ, 1967 ਦੇ ਸਬੰਧ ਵਿੱਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੜ੍ਹਕਾਂ, ਨੇਮ ਪਲੇਟਾਂ ਅਤੇ ਨੀਂਹ ਪੱਥਰਾਂ ਦੇ ਨਾਮ ਪੰਜਾਬੀ ਭਾਸ਼ਾ ਵਿੱਚ ਲਿਖਣਾ ਲਾਜ਼ਮੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਇਹ ਕੰਮ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜੇਕਰ ਕੋਈ ਹੋਰ ਭਾਸ਼ਾਵਾਂ ਵਿੱਚ ਜਾਣਕਾਰੀ ਲਿਖਣਾ ਚਾਹੁੰਦਾ ਹੈ ਤਾਂ ਉਹ ਪੰਜਾਬੀ ਭਾਸ਼ਾ ਦੇ ਹੇਠਾਂ ਲਿਖ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਅਮਰਜੀਤ ਬੈਂਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।