ਸੁਨਾਮ, 17 ਮਈ : ਪੰਜਾਬ ਸਰਕਾਰ ਸੂਬੇ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਯੋਜਨਾਬੱਧ ਢੰਗ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਸ਼ਾਹਪੁਰ ਕਲਾਂ ਅਤੇ ਮਿਰਜ਼ਾਪੱਤੀ ਨਮੋਲ ਵਿਖੇ ਨਵੇਂ ਬਣਨ ਵਾਲੇ ਪੰਚਾਇਤ ਘਰਾਂ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ ਮੌਕੇ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਨੁਮਾਇੰਦੇ ਪਿੰਡ ਪੱਧਰ ’ਤੇ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਰਦੇ ਰਹੇ ਹਨ ਜਿਸ ਸਦਕਾ ਉਹ ਹੁਣ ਹਲਕੇ ਦੇ ਹਰ ਪਿੰਡ ਦੀਆਂ ਮੁਢਲੀਆਂ ਲੋੜਾਂ ਬਾਰੇ ਜਾਣੂ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਲਕੇ ਦੇ ਹਰ ਹਿੱਸੇ ਵਿੱਚ ਬਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰੀਬ 90 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਦੋਵੇਂ ਪੰਚਾਇਤ ਘਰਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਜਿਸ ਨਾਲ ਪਿੰਡਾਂ ਵਿੱਚ ਭਾਈਚਾਰਕ ਸਾਂਚ ਮਜਬੂਤ ਹੋਵੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਲਕੇ ਵਿੱਚ ਮੌਜੂਦਾ ਸਮੇਂ ਅਨੇਕਾਂ ਬਹੁ ਕਰੋੜੀ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਜਿਨ੍ਹਾਂ ਵਿੱਚੋਂ ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਅੰਡਰਗਰਾਊਂਡ ਪਾਈਪਲਾਈਨ ਪਾਉਣ ਦਾ ਪ੍ਰੋਜੈਕਟ ਕਾਫੀ ਮਹੱਤਵਪੂਰਨ ਹੈ ਜਿਸ ਵਿੱਚ ਸਹਿਯੋਗ ਲਈ ਕਿਸਾਨਾਂ ਨੂੰ ਵਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਦੋਵਾਂ ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ ਅਤੇ ਬੱਚਿਆਂ ਤੇ ਨੌਜਵਾਨਾਂ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਜ਼ਰੂਰ ਮੁਹਾਰਤ ਹਾਸਲ ਕਰਨੀ ਚਾਹੀਦੀ ਹੈ। ਇਸ ਮੌਕੇ ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ, ਮਲਕੀਤ ਸਰਪੰਚ, ਨਿਰਭੈ ਸਿੰਘ ਨਮੋਲ, ਗੁਰਪ੍ਰੀਤ ਸਿੰਘ ਟੋਨੀ, ਬਾਬੂ ਸਿੰਘ, ਬੂਟਾ ਸਿੰਘ, ਰਾਜ ਸਿੰਘ, ਬੱਗਾ ਸਿੰਘ ਵੀ ਹਾਜ਼ਰ ਸਨ।