ਧੂਰੀ, 29 ਫਰਵਰੀ : ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨਾਲ ਸਬੰਧਤ ਐਨ.ਆਰ.ਆਈਜ਼. ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਨੂੰ ਲਗਾਤਾਰ ਹੱਲ ਕਰ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਤੇ ਜਾਨ-ਮਾਲ ਦੀ ਸੁਰੱਖਿਆ ਲਈ ਹਰ ਹੀਲੇ ਵਚਨਬੱਧ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸੰਗਰੂਰ ਵਿਖੇ ਸੂਬੇ ਦੇ ਅੱਠ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼. ਨਾਲ ਵਿਸ਼ੇਸ਼ ਮਿਲਣੀ ਕਰਨ ਇੱਥੇ ਪਹੁੰਚੇ ਹੋਏ ਸਨ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਦੀ ਐਨ.ਆਰ.ਆਈ. ਮਿਲਣੀ ਵਿੱਚ ਸੰਗਰੂਰ ਦੇ ਨਾਲ-ਨਾਲ ਪਟਿਆਲਾ, ਫ਼ਤਿਹਗੜ੍ਹ ਸਾਹਿਬ, ਬਰਨਾਲਾ, ਮਾਲੇਰਕੋਟਲਾ, ਮਾਨਸਾ, ਲੁਧਿਆਣਾ ਅਤੇ ਬਠਿੰਡਾ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਦੀਆਂ 89 ਦਰਖਾਸਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਦਰਖਾਸਤਾਂ ਵਿੱਚੋਂ ਬਹੁਤ ਸਾਰੀਆਂ ਦਾ ਨਿਪਟਾਰਾ ਮੌਕੇ ‘ਤੇ ਕਰ ਦਿੱਤਾ ਗਿਆ ਹੈ ਅਤੇ ਜਿਹੜੀਆਂ ਦਰਖਾਸਤਾਂ ਲਈ ਜਾਂਚ ਜਾਂ ਰਿਕਾਰਡ ਵਾਚਣ ਦੀ ਲੋੜ ਹੈ, ਉਨ੍ਹਾਂ ਦਾ ਹੱਲ ਵੀ 31 ਮਾਰਚ ਤੱਕ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ ਬਸ਼ਰਤੇ ਕਿ ਕੋਈ ਮਸਲਾ ਮਾਨਯੋਗ ਅਦਾਲਤਾਂ ਵਿੱਚ ਵਿਚਾਰ ਅਧੀਨ ਨਾ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਐੱਨ.ਆਰ.ਆਈਜ਼. ਦੇ ਵਾਪਸ ਜਾਣ ਤੋਂ ਪਹਿਲਾਂ-ਪਹਿਲਾਂ ਉਨ੍ਹਾਂ ਦੀਆਂ ਦਰਖਾਸਤਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦੁਨੀਆਂ ਭਰ ਵਿੱਚ ਵਸਦੇ ਪੰਜਾਬੀ ਐਨ.ਆਰ.ਆਈਜ਼. ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਤੇ ਉਹਨਾਂ ਤੋਂ ਬਿਨਾਂ ਪੰਜਾਬ ਨੂੰ ਦੇਖਣਾ ਜਾਂ ਸੂਬੇ ਬਾਰੇ ਸੋਚਣਾ ਬਹੁਤ ਮੁਸ਼ਕਿਲ ਹੈ।ਉਨ੍ਹਾਂ ਅਪੀਲ ਕੀਤੀ ਕਿ ਐੱਨ.ਆਰ.ਆਈਜ਼. ਵੀ ਪੰਜਾਬ ਆ ਕੇ ਆਪਣੇ ਪਿੰਡਾਂ ਅਤੇ ਆਪਣੇ ਸ਼ਹਿਰਾਂ-ਕਸਬਿਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਸੂਬੇ ਵਿੱਚ ਨਿਵੇਸ਼ ਕਰਨ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਕਰਨੀ ਯਕੀਨੀ ਬਣਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਐਨ.ਆਰ.ਆਈ. ਮਿਲਣੀਆਂ ਦੌਰਾਨ ਸੂਬੇ ਵਿੱਚ 605 ਦਰਖਾਸਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿੱਚੋਂ 597 ਕੇਸਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵਰ੍ਹੇ ਵੀ ਪੰਜਾਬ ਸਰਕਾਰ ਵੱਲੋਂ 4 ਐੱਨ.ਆਰ.ਆਈ. ਮਿਲਣੀਆਂ ਕਰਵਾਈਆਂ ਗਈਆਂ ਹਨ ਜਿਨ੍ਹਾਂ ਦੀ ਸ਼ੁਰੂਆਤ 3 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੁਦ ਪਠਾਨਕੋਟ ਤੋਂ ਕੀਤੀ ਗਈ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ, ਪ੍ਰਮੱਖ ਸਕੱਤਰ ਦਿਲੀਪ ਕੁਮਾਰ, ਸਕੱਤਰ ਕੰਵਲਪ੍ਰੀਤ ਬਰਾੜ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਡਿਪਟੀ ਕਮਿਸ਼ਨਰ ਮਾਨਸਾ ਪਰਮਵੀਰ ਸਿੰਘ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ, ਚੇਅਰਮੈਨ ਅਵਤਾਰ ਸਿੰਘ ਈਲਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਗਰੂਰ ਵਰਜੀਤ ਵਾਲੀਆ, ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਐਨ.ਆਰ.ਆਈਜ਼. ਤੇ ਪਤਵੰਤੇ ਹਾਜ਼ਰ ਸਨ।