ਸਤੌਜ/ਸੁਨਾਮ ਊਧਮ ਸਿੰਘ ਵਾਲਾ, 8 ਫਰਵਰੀ : ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ', 'ਨਾਰੀ ਸ਼ਕਤੀ' ਅਤੇ 'ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਨੂੰ ਰੂਪਮਾਨ' ਕਰਦੀਆਂ ਤਿੰਨੇ ਝਾਕੀਆਂ ਦਾ ਦਾਣਾ ਮੰਡੀ ਸਤੌਜ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਬੀਬੀ ਹਰਪਾਲ ਕੌਰ ਅਤੇ ਐਸ ਡੀ ਐਮ ਸੁਨਾਮ ਪ੍ਰਮੋਦ ਸਿੰਗਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਪਿੰਡ ਵਾਸੀਆਂ, ਵਿਦਿਆਰਥੀਆਂ ਅਤੇ ਪ੍ਰਸ਼ਾਸ਼ਨਿਕ ਸ਼ਖ਼ਸੀਅਤਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਝਾਕੀਆਂ ਦੇਖਣ ਲਈ ਪਿੰਡਾਂ ਦੇ ਇਲਾਕਿਆਂ ਵਿੱਚੋਂ ਪੁੱਜੇ ਵੱਡੀ ਗਿਣਤੀ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬ ਵਾਸੀਆਂ ਦੇ ਰੂਬਰੂ ਕਰਨ ਦਾ ਉਪਰਾਲਾ ਸ਼ਲਾਘਾਯੋਗ ਹੈ । ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਬੱਚਿਆਂ ਨੇ ਝਾਕੀਆਂ ਨਾਲ ਤਸਵੀਰਾਂ ਖਿਚਵਾਈਆਂ ਅਤੇ ਆਪਣੀ ਸਦੀਵੀ ਯਾਦ ਦਾ ਹਿੱਸਾ ਬਣਾਇਆ।