- ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਫ਼ਤਹਿਗੜ੍ਹ ਸਾਹਿਬ, 22 ਦਸੰਬਰ : ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਜੀ ਨੇ 07 ਤੇ 09 ਸਾਲ ਦੀ ਛੋਟੀ ਉਮਰ ਵਿੱਚ ਦਿੱਤੀ ਵੱਡੀ ਕੁਰਬਾਨੀ ਨੇ ਸਮੁੱਚੀ ਕੌਮ ਵਿੱਚ ਇੱਕ ਨਵੀਂ ਰੂਹ ਫੂਕੀ ਹੈ ਅਤੇ ਇਹ ਉਹ ਇਤਿਹਾਸਕ ਸ਼ਹਾਦਤ ਹੈ ਜਿਸ ਦੀ ਮਿਸਾਲ ਦੁਨੀਆਂ ਦੇ ਕਿਸੇ ਵੀ ਧਰਮ ਵਿੱਚ ਨਹੀਂ ਮਿਲਦੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਵੱਲੋਂ ਜੁਲਮ ਖਿਲਾਫ ਦਿੱਤੀ ਬੇਮਿਸਾਲ ਸ਼ਹਾਦਤ ਤੋਂ ਨੌਜਵਾਨਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਇਸ ਮਹਾਨ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਕੁਰੀਤੀਆਂ ਦਾ ਖਾਤਮਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਮੰਤਰੀ ਕਟਾਰੂਚੱਕ ਨੇ ਕਿਹਾ ਕਿ ਸਿੱਖ ਇਤਿਹਾਸ ਦੀ ਇਹ ਮਹਾਨ ਸ਼ਹਾਦਤ ਰਹਿੰਦੀ ਦੁਨੀਆਂ ਤੱਕ ਯਾਦ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਾਡੇ ਨੌਜਵਾਨ ਗਲਤ ਸੰਗਤ ਵਿੱਚ ਪੈ ਕੇ ਨਸ਼ਿਆਂ ਵਰਗੀ ਲਾਹਣਤ ਵਿੱਚ ਫਸਦੇ ਜਾ ਰਹੇ ਹਨ ਉਸ ਸਮੇਂ ਛੋਟੇ ਸਾਹਿਬ਼ਜਾਦਿਆਂ ਦੀ ਇਸ ਬੇਮਿਸਾਲ ਸ਼ਹਾਦਤ ਤੋਂ ਸੇਧ ਲੈ ਕੇ ਹੀ ਨੌਜਵਾਨ ਕੁਰੀਤੀਆਂ ਰਹਿਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਦੀ ਸੁਰੱਖਿਆ ਤੇ ਸਹੂਲਤ ਲਈ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀ ਐਚ.ਐਸ. ਬਰਾੜ, ਆਮ ਆਦਮੀ ਪਾਰਟੀ ਦੇ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਤੇ ਹੋਰ ਪਤਵੰਤੇ ਹਾਜਰ ਸਨ।