ਬਠਿੰਡਾ, 8 ਨਵੰਬਰ : ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਜਿਸ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਕਿਸਾਨਾਂ ਦਾ ਅਹਿਮ ਤੇ ਵਡਮੁੱਲਾ ਯੋਗਦਾਨ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਜੰਗਲਾਤ ਤੇ ਜੰਗਲੀ ਜੀਵ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਸਬੰਧੀ ਕੀਤੇ ਗਏ ਦੌਰਾ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਗੁਲਨੀਤ ਸਿੰਘ ਖੁਰਾਣਾ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅਮ੍ਰਿਤਲਾਲ ਅਗਰਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਸ਼੍ਰੀ ਕਟਾਰੂਚੱਕ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਸੂਬਾ ਸਰਕਾਰ ਦੇ ਯਤਨਾਂ ਸਦਕਾ ਸੂਬੇ ਅੰਦਰ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬੇ ਦੇ 1854 ਖ਼ਰੀਦ ਕੇਂਦਰਾਂ ਚ 137 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 134 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਤੇ ਖ਼ਰੀਦ ਕੀਤੇ ਝੋਨੇ ਦੀ ਅਦਾਇਗੀ ਕਰੀਬ 95 ਫੀਸਦੀ ਲਗਭਗ 21 ਹਜ਼ਾਰ ਕਰੋੜ ਰੁਪਏ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ। ਇਸ ਦੌਰਾਨ ਸ਼੍ਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਉਹ ਫਸਲੀ ਵਿਭਿੰਨਤਾ ਨੂੰ ਅਪਣਾਉਂਦਿਆਂ ਹੋਇਆ ਘੱਟ ਪਾਣੀ ਨਾਲ ਪੈਦਾ ਹੋਣ ਵਾਲੀਆਂ ਫ਼ਸਲਾਂ ਬੀਜਣ ਨੂੰ ਤਰਜੀਹ ਦੇਣ। ਉਨ੍ਹਾਂ ਖੇਤੀ ਦੇ ਨਾਲ-ਨਾਲ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਨਾਉਣ ਦੀ ਵੀ ਸਲਾਹ ਦਿੱਤੀ। ਇਸ ਮੌਕੇ ਸ਼੍ਰੀ ਲਾਲ ਚੰਦ ਨੇ ਕਿਸਾਨਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਫ਼ਸਲ ਦਾ ਕੱਲਾ-ਕੱਲਾ ਦਾਣਾ ਮੰਡੀਆਂ ਚੋਂ ਚੁੱਕਿਆ ਜਾਵੇਗਾ। ਉਨ੍ਹਾਂ ਕਿਸਾਨਾਂ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਤੇ ਪ੍ਰਦੂਸ਼ਣ ਨਾਲ ਪੈਦਾ ਹੋਣ ਵਾਲੀਆਂ ਘਾਤਕ ਬਿਮਾਰੀਆਂ ਤੋਂ ਬਚਾਅ ਲਈ ਝੋਨੇ ਦੀ ਪਰਾਲੀ ਅਤੇ ਉਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਪਰਾਲੀ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀ ਵਿਜੈ ਸਿੰਗਲਾ, ਜਿਲ੍ਹਾ ਮੰਡੀ ਅਫ਼ਸਰ ਸ੍ਰੀ ਗੁਰਵਿੰਦਰ ਸਿੰਘ, ਸਕੱਤਰ ਮਾਰਕਿਟ ਕਮੇਟੀ ਸ਼੍ਰੀ ਹਰਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਡੀਐਮ ਆਦਿ ਹਾਜ਼ਰ ਸਨ।