ਸੁਨਾਮ, 5 ਮਈ : ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਨਵਰੀਤ ਕੌਰ ਸੇਖੋਂ ਵੱਲੋਂ ਅੱਜ ਉਭਾਵਾਲ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅੱਜ ਜ਼ਿਲ੍ਹਾ ਸੰਗਰੂਰ ਵਿਖੇ ਕੁਲ 11 ਆਮ ਆਦਮੀ ਕਲੀਨਿਕ ਆਰੰਭ ਹੋਏ ਹਨ। ਇਸ ਮੌਕੇ ਐਸ ਡੀ ਐਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਜਿਨ੍ਹਾਂ ਰਾਹੀਂ ਮੁੱਢਲੀ ਡਾਕਟਰੀ ਸਹਾਇਤਾ ਲੋਕਾਂ ਦੇ ਘਰ ਦੇ ਬਿਲਕੁਲ ਨੇੜੇ ਤੱਕ ਪਹੁੰਚ ਗਈ ਹੈ, ਜਿਸ ਨਾਲ ਉਨ੍ਹਾਂ ਨੂੰ ਪਿੰਡ ਤੋਂ ਦੂਰ ਸ਼ਹਿਰ ਦੇ ਹਸਪਤਾਲ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਘੱਟ ਗੰਭੀਰ ਬੀਮਾਰੀਆਂ ਦੇ ਇਲਾਜ ਲਈ ਬਿਹਤਰ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਸੁਨਾਮ ਹਲਕੇ ਵਿਖੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਪਹਿਲਾਂ ਸੁਨਾਮ ਅਤੇ ਗੱਗੜਪੁਰ ਵਿੱਚ ਇਹ ਕਲੀਨਿਕ ਚੱਲ ਰਹੇ ਹਨ ਅਤੇ ਅੱਜ ਉਭਾਵਾਲ ਅਤੇ ਚੋਵਾਸ ਜਖੇਪਲ ਵਿਖੇ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਮਹੱਤਵਪੂਰਨ ਉਪਰਾਲੇ ਕਰ ਰਹੀ ਹੈ ਅਤੇ ਲੋੜਵੰਦ ਲੋਕ ਇਸ ਸੁਵਿਧਾ ਦਾ ਲਾਭ ਲੈ ਰਹੇ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਰਾਮਿੰਦਰਪਾਲ ਸਿੰਘ, ਸੀਨੀਅਰ ਆਗੂ ਅਵਤਾਰ ਸਿੰਘ ਚਹਿਲ, ਰਣਬੀਰ ਸਿੰਘ ਜੌਹਲ, ਮੋਤਾ ਸਿੰਘ ਢੀਂਡਸਾ, ਨੰਬਰਦਾਰ ਕਰਮਜੀਤ ਸਿੰਘ, ਜਗਜੀਵਨ ਸਿੰਘ ਢੀਂਡਸਾ, ਲਖਵੀਰ ਸਿੰਘ ਢੀਂਡਸਾ, ਡਾ ਰਮਨਦੀਪ ਕੌਰ, ਡਾ ਵਿਦਿਆ, ਸੁਖਮਿੰਦਰ ਸਿੰਘ ਗੋਰਖੀ , ਬਲਕਾਰ ਸਿੰਘ, ਕਰਮਜੀਤ ਸਿੰਘ ਨਿੱਕਾ, ਕੁਲਵੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਹਾਜ਼ਰ ਸਨ।