ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 36 'ਚ ਨਵੇਂ ਟਿਊਬਵੈਲ ਕਾਰਜ਼ਾਂ ਦਾ ਉਦਘਾਟਨ 

ਲੁਧਿਆਣਾ, 06 ਅਗਸਤ 2024 : ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 'ਹਰ ਘਰ ਨਲ ਤੇ ਹਰ ਘਰ ਜਲ' ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਵਾਰਡ ਨੰਬਰ 36 ਦੀ ਗਲੀ ਨੰਬਰ 14 ਬਸੰਤ ਨਗਰ ਵਿਖੇ 25 ਹਾਰਸ ਪਾਵਰ ਵਾਲੇ ਨਵੇਂ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦੀ ਸ਼ੁਰੂਆਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਟਿਊਬਵੈਲ 'ਤੇ ਕਰੀਬ 11.50 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਛੀਨਾ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 36 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਨੂੰ ਪਾਣੀ ਦੀ ਕਿੱਲਤ ਤੋਂ ਨਿਜਾਤ ਦਿਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨੀਸ਼ ਕੁਮਾਰ (ਟਿੰਕੂ), ਵਾਰਡ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਅਤੇ ਸਮੂਹ ਮੁਹੱਲਾ ਨਿਵਾਸੀ ਵੀ ਹਾਜ਼ਰ ਸਨ।