- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ
- 29 ਫਰਵਰੀ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
- ਲੋਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਅੱਗੇ ਆਉਣ ਦਾ ਸੱਦਾ
ਬਰਨਾਲਾ, 10 ਜਨਵਰੀ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜੀ ਨਾਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ ਕੀਤਾ ਜਾ ਰਿਹਾ ਹੈ ਅਤੇ ਹਦਾਇਤ ਕੀਤੀ ਕਿ ਫੀਲਡ ਵਿੱਚ ਪੂਰੀ ਸਰਗਰਮੀ ਨਾਲ ਕੰਮ ਕਰਦਿਆਂ ਵੋਟਰ ਰਜਿਸਟਰੇਸ਼ਨ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਫਾਰਮ ਜਮ੍ਹਾਂ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪਟਵਾਰੀਆਂ ਨੂੰ ਸਾਰੇ ਪਿੰਡਾਂ/ਮੁਹੱਲਿਆਂ ਵਿੱਚ ਪਹੁੰਚ ਕਰਨੀ ਚਾਹੀਦੀ ਹੈ ਤਾਂ ਜੋ ਕੋਈ ਵੀ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉੱਪ ਮੰਡਲ ਮੈਜਿਸਟਰੇਟ ਅਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਨੂੰ ਵੀ ਨਿਯਮਤ ਤੌਰ ’ਤੇ ਇਸ ਪ੍ਰਕਿਰਿਆ ਦੀ ਨਜ਼ਰਸਾਨੀ ਕਰਨੀ ਚਾਹੀਦੀ ਹੈ ਤਾਂ ਜੋ ਵੋਟਰ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਹਾਤੀ ਖੇਤਰ ਦੇ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀ ਜਿਨ੍ਹਾਂ ਨੂੰ ਸਬੰਧਿਤ ਖੇਤਰ ਦੀ ਸੋਧ ਅਥਾਰਟੀ ਵੱਲੋਂ ਨਾਮਜ਼ਦ ਕੀਤਾ ਗਿਆ ਹੈ ਪਾਸ ਫਾਰਮ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਫਾਰਮ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ www.barnala.nic.in. ’ਤੇ ਵੀ ਉਪਲੱਬਧ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਪਟਵਾਰੀ ਪਾਸ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਕਰਵਾਏ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਜੀ.ਪੀ.ਸੀ. ਚੋਣ ਪ੍ਰਕਿਰਿਆ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 01 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 21 ਮਾਰਚ 2024 ਨੂੰ ਮੁੱਢਲੀ ਈ-ਰੋਲ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 11 ਅਪ੍ਰੈਲ 2024 ਤੱਕ ਦਾਅਵੇ ਅਤੇ ਇਤਰਾਜ਼ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 3 ਮਈ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ.ਚੋਣਾਂ ਲਈ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਕੇਸਧਾਰੀ ਸਿੱਖ ਹੋਣਾ ਚਾਹੀਦਾ ਹੈ। ਜੋ ਵਿਅਕਤੀ ਆਪਣੀ ਦਾੜੀ ਕਟਵਾਉਂਦਾ ਹੈ ਜਾਂ ਸ਼ੇਵ ਕਰਦਾ, ਬੀੜੀ/ਸਿਗਰਟ ਜਾਂ ਸ਼ਰਾਬ ਪੀਂਦਾ ਹੈ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਨਹੀਂ ਕਰਵਾ ਸਕਦਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸ੍ਰੀ ਸੁਖਪਾਲ ਸਿੰਘ, ਚੋਣ ਤਹਿਸੀਲਦਾਰ ਹਰਜਿੰਦਰ ਕੌਰ ਅਤੇ ਹੋਰ ਅਫ਼ਸਰ ਹਾਜ਼ਰ ਸਨ।