ਡਿਪਟੀ ਕਮਿਸ਼ਨਰ ਵਲੋਂ ਪਿੰਡਾਂ ਦੀਆਂ ਸਾਂਝੀਆਂ ਥਾਵਾਂ 'ਤੇ ਮਸ਼ੀਨਰੀ ਦੀਆਂ ਸੂਚੀਆਂ ਚਸਪਾਂ ਕਰਨ ਦੇ ਨਿਰਦੇਸ਼

  • ਪਰਾਲੀ ਪ੍ਰਬੰਧਨ ਤਹਿਤ 6 ਕਾਨੂੰਗੋ ਸਰਕਲਾਂ ਦੇ ਮੁਲਾਜ਼ਮਾਂ ਨਾਲ ਕੀਤੀ ਅਹਿਮ ਮੀਟਿੰਗ

ਬਰਨਾਲਾ, 23 ਅਕਤੂਬਰ 2024 : ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਮੁਹਿੰਮ ਜਾਰੀ ਹੈ। ਅੱਜ ਡਿਪਟੀ ਕਮਿਸ਼ਨਰ ਵਲੋਂ ਕਾਨੂੰਗੋ ਸਰਕਲ ਭਦੌੜ, ਢਿੱਲਵਾਂ, ਮਹਿਲ ਕਲਾਂ, ਚੰਨਣਵਾਲ, ਟੱਲੇਵਾਲ, ਵਜੀਦਕੇ ਕਲਾਂ ਦੇ ਕਲੱਸਟਰ ਅਫ਼ਸਰਾਂ, ਸਹਾਇਕ ਕਲੱਸਟਰ ਅਫ਼ਸਰਾਂ, ਵੈਟਰਨਰੀ ਇੰਸਪੈਕਟਰਾਂ, ਪਿੰਡਾਂ ਦੇ ਨੋਡਲ ਅਫ਼ਸਰਾਂ, ਪਟਵਾਰੀਆਂ, ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨਾਲ ਇੱਥੇ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਲੜੀਵਾਰ ਮੀਟਿੰਗਾਂ ਕੀਤੀਆਂ। ਇਸ ਮੌਕੇ ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡ ਵਿੱਚ ਮੌਜੂਦ ਸਬਸਿਡੀ ਵਾਲੀ ਮਸ਼ੀਨਰੀ ਦੀਆਂ ਸੂਚੀਆਂ ਪਿੰਡਾਂ ਦੀਆਂ ਸਾਂਝੀਆਂ ਥਾਵਾਂ 'ਤੇ ਚਸਪਾਂ ਕੀਤੀਆਂ ਜਾਣ ਤਾਂ ਜੋ ਕਿਸਾਨਾਂ ਨੂੰ ਮਸ਼ੀਨਰੀ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਪਿੰਡਾਂ ਵਿਚ ਕੰਟਰੋਲ ਰੂਮ ਸਥਾਪਿਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡ ਪੱਧਰੀ ਟੀਮਾਂ ਵਲੋਂ ਘਰ ਘਰ ਜਾ ਕੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਬੰਧਤ ਟੀਮਾਂ ਵਲੋਂ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਹਰ ਇਕ ਮੈਂਬਰ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਲਤੀਫ਼ ਅਹਿਮਦ, ਐੱਸ ਡੀ ਐਮ ਤਪਾ ਰਿਸ਼ਭ ਬਾਂਸਲ, ਐੱਸ ਡੀ ਐਮ ਮਹਿਲ ਕਲਾਂ ਹਰਕੰਵਲਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ, ਏਆਰ ਸਹਿਕਾਰੀ ਸਭਾਵਾਂ ਰੁਪਿੰਦਰ ਸਿੰਘ ਮਾਨ ਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।