- ਵੋਟ ਦੇ ਅਧਿਕਾਰ ਦੀ ਸੁਯੋਗ ਵਰਤੋਂ ਕਰਨ ਦੀ ਵੀ ਸਹੁੰ ਚੁਕਾਈ
ਸੰਗਰੂਰ, 27 ਫ਼ਰਵਰੀ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਚਲਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਨੋਡਲ ਅਫਸਰ ਸਵੀਪ-ਕਮ-ਐਸ.ਡੀ.ਐਮ. ਡਾ. ਵਿਨੀਤ ਕੁਮਾਰ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਡਾ. ਵਿਨੀਤ ਕੁਮਾਰ ਨੇ ਸਮੂਹ ਅਧਿਕਾਰੀਆਂ ਨੂੰ ਸਵੀਪ ਗਤੀਵਿਧੀਆਂ ‘ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਵਿਸ਼ੇਸ਼ ਰੂਪ ਵਿੱਚ ਜਾਗਰੂਕ ਕੀਤਾ ਜਾਵੇ ਕਿ ਉਹ ਇੱਕ ਵੋਟਰ ਬਣ ਕੇ ਦੇਸ਼ ਦੇ ਚੰਗੇ ਨਾਗਰਿਕ ਹੋਣ ਦਾ ਸਬੂਤ ਦੇਣ, ਇਸਦੇ ਨਾਲ ਉਹ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇ ਅੱਜ ਅਸੀਂ ਲੋਕਤੰਤਰਿਕ ਭਾਰਤ ਦੇ ਵਾਸੀ ਕਹਿਲਾਉਂਦੇ ਹਾਂ ਤਾਂ ਸਾਨੂੰ ਇਹ ਵੀ ਜਾਣ ਲੈਣਾ ਚਾਹੀਦਾ ਹੈ ਕਿ ਇਸ ਲੋਕਤੰਤਰ ਵਿੱਚ ਵੋਟ ਪਾਉਣ ਦਾ ਹੱਕ ਸਾਨੂੰ ਵੱਡੇ ਸੰਘਰਸ਼ਾਂ ਪਿੱਛੋਂ ਪ੍ਰਾਪਤ ਹੋਇਆ ਹੈ। ਉਹਨਾਂ ਕਿਹਾ ਕਿ ਇਸ ਦੇਸ਼ ਦੀ ਲੋਕਤੰਤਰੀ ਭਾਵਨਾ ਅਤੇ ਖੁਸ਼ਹਾਲੀ ਲਈ ਵੋਟਰ ਬਣਨਾ ਅਤੇ ਵੋਟ ਪਾਉਣਾ ਸਾਡਾ ਫਰਜ਼ ਵੀ ਹੈ ਅਤੇ ਅਧਿਕਾਰ ਵੀ। ਇਸ ਮੌਕੇ ਉਨ੍ਹਾਂ ਵੱਲੋਂ ਹਾਜ਼ਰ ਅਧਿਕਾਰੀਆਂ ਨੂੰ ਵੋਟ ਦੇ ਅਧਿਕਾਰ ਦੀ ਸੁਯੋਗ ਵਰਤੋਂ ਕਰਨ ਦੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਵੀ ਹਾਜ਼ਰ ਸਨ।