ਰੂਪਨਗਰ, 19 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਉਣ ਵਾਲੇ ਫਲੱਡ ਸੀਜ਼ਨ 2023 ਦੀਆਂ ਤਿਆਰੀਆਂ ਸੰਬੰਧੀ, ਹੜਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ਼ ਮੀਟਿੰਗ ਕੀਤੀ ਅਤੇ ਹਦਾਇਤ ਕਰਦਿਆਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਤੋਂ ਬਚਾਅ ਲਈ ਪੁੱਖਤਾ ਪ੍ਰਬੰਧ ਕੀਤੇ ਜਾਣ।ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਜਲ ਮਾਰਗਾਂ (ਡਰੇਨ/ਨਹਿਰਾਂ) ਦੇ ਨੇੜੇ ਜੋ ਵੀ ਕਬਜ਼ੇ ਕੀਤੇ ਗਏ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਹਟਾਇਆ ਜਾਵੇ। ਉਨ੍ਹਾਂ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਹਦਾਇਤ ਕਰਦਿਆਂ ਨਹਿਰਾਂ ਅਤੇ ਡਰੇਨਾਂ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਲਈ ਵੀ ਕਿਹਾ।ਉਨ੍ਹਾਂ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ਉਤੇ ਸਾਲ 2019 ਦੌਰਾਨ ਭਾਰੀ ਵਰਖਾ ਹੋਣ ਕਾਰਨ ਹੜ੍ਹਾਂ ਨਾਲ਼ ਪ੍ਰਭਾਵਿਤ ਹੋਏ ਇਲਾਕਿਆਂ ਦੀ ਗਹਿਰਾਈ ਨਾਲ਼ ਸਮੀਖਿਆ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਲੋੜ ਪੈਣ ਉਤੇ ਪੁਖਤਾ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਦਾ ਭੂਗੋਲਿਕ ਅਤੇ ਵਿਗਿਆਨਕ ਢੰਗ ਨਾਲ਼ ਸਰਵੇਖਣ ਕੀਤੇ ਜਾਵੇ ਅਤੇ ਇਸ ਤੋਂ ਇਲਾਵਾ ਸਾਰੇ ਪੁੱਲ਼ਾਂ ਅਤੇ ਸੜਕਾਂ ਦੀ ਵੀ ਜਾਂਚ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਨਰਪਿੰਦਰ ਸਿੰਘ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਸਾਲ 2023-24 ਲਈ ਮਨਰੇਗਾ ਅਧੀਨ ਕੀਤੇ ਜਾਣ ਵਾਲੇ ਹੜ੍ਹ ਸੁਰੱਖਿਆ ਕਾਰਜ ਅਤੇ ਪ੍ਰਬੰਧਾਂ ਦਾ ਜਾਇਜ਼ਾ ਉਹ ਖੁਦ ਜਾ ਕੇ ਕਰਨ ਅਤੇ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਰਾਹਤ ਅਤੇ ਮੁੜ ਵਸੇਬਾ ਦੀਆਂ ਟੀਮਾਂ ਨੂੰ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ। ਉਨਾਂ ਇਹ ਵੀ ਹਦਾਇਤ ਦਿੱਤੀ ਕਿ ਨਾਜ਼ੁਕ ਖੇਤਰਾਂ ਵਿੱਚ ਪਹਿਲ ਦੇ ਆਧਾਰ ’ਤੇ ਹੜ ਰੱਖਿਆ ਕਾਰਜਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਜੇਕਰ ਲਗਾਤਾਰ ਮੀਂਹ ਪੈਂਦਾ ਹੈ ਤਾਂ ਹੋਣ ਵਾਲੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਡਾ. ਪ੍ਰੀਤੀ ਯਾਦਵ ਨੇ ਈ.ਓਜ਼ ਤੋਂ ਸ਼ਹਿਰਾਂ ਦੀਆਂ ਡਰੇਨਾਂ ਦੀ ਸਫਾਈ ਸਬੰਧੀ ਵੀ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਮਨੀਸ਼ਾ ਰਾਣਾ (ਆਈ.ਏ.ਐਸ.), ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਨਰਪਿੰਦਰ ਸਿੰਘ, ਐਸ.ਡੀ.ਓ ਪ੍ਰਦੂਸ਼ਣ ਕੰਟੋਰਲ ਸ ਚਰਨਜੀਤ ਸਿੰਘ, ਐਕਸੀਅਨ ਮਾਈਨਿੰਗ ਵਿਭਾਗ ਰਜਤ ਗਰੋਵਰ, ਐਸ.ਡੀ.ਓ ਖੁਸ਼ਦੀਪ ਸਿੰਘ ਸਮੇਤ ਜ਼ਿਲ੍ਹੇ ਦੇ ਸਮੂਹ ਬੀ. ਡੀ.ਪੀ.ਓਜ਼ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।