- ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕਰਨ ਲਈ ਪਿੰਡ ਰਸੂਲਪੁਰ ਤੇ ਨੰਦਪੁਰ ਕਲੌੜ ਦੇ ਕਿਸਾਨਾਂ ਨਾਲ ਕੀਤੀ ਵਿਚਾਰ ਚਰਚਾ
- ਕਿਸਾਨਾਂ ਤੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਮੰਗੇ ਸੁਝਾਅ
- ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਭਰਪੂਰ ਸ਼ਲਾਘਾ
ਫ਼ਤਹਿਗੜ੍ਹ ਸਾਹਿਬ, 11 ਜਨਵਰੀ : ਆਉਣ ਵਾਲੇ ਸਾਉਣੀ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਰੋਕ ਲਗਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਵੱਲੋਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਿਥੇ ਕਿਸਾਨਾਂ ਨੂੰ ਲੋੜੀਂਦੀਆਂ ਮਸ਼ੀਨਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਉਥੇ ਹੀ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਵਿਸਥਾਰ ਸਹਿਤ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ। ਇਸੇ ਮੰਤਵ ਲਈ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਤੇ ਨੰਦਪੁਰ ਕਲੌੜ ਦੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕ ਕਰਨ ਵਾਸਤੇ ਪਿੰਡਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਨਾਲ ਵਿਚਾਰ ਚਰਚਾ ਕੀਤੀ। ਵਰਨਣਯੋਗ ਹੈ ਕਿ ਪਿੰਡ ਰਸੂਲਪੁਰ ਤੇ ਨੰਦਪੁਰ ਕਲੌੜ ਉਹ ਪਿੰਡ ਹਨ ਜਿਥੇ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਧੇਰੇ ਹੋਈਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਨੋਂ ਦਿਨ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਘਾਤਕ ਸਿੱਧ ਹੋ ਰਿਹਾ ਹੈ ਅਤੇ ਜੇਕਰ ਇਸ ਨੂੰ ਰੋਕਣ ਲਈ ਹੁਣ ਤੋਂ ਹੀ ਉਪਰਾਲੇ ਸ਼ੁਰੂ ਨਾ ਕੀਤੇ ਗਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਦੇ ਸੁਨਿਹਰੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਵਾਤਾਵਰਣ ਪ੍ਰਦੂਸ਼ਣ ਦਾ ਖਾਤਮਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਨੂੰ ਸਾਰੇ ਵਰਗਾਂ ਦੇ ਨਾਗਰਿਕਾਂ ਦੇ ਸਹਿਯੋਗ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ ਅਤੇ ਇਸ ਲਈ ਸਾਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਇਸ ਸਮੱਸਿਆ ਦਾ ਖਾਤਮਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਆਉਣ ਵਾਲੀ ਸਾਉਣੀ-2024 ਨੂੰ ਵੇਖਦੇ ਹੋਏ ਪਰਾਲੀ ਦੀ ਸੁਚੱਜੀ ਸੰਭਾਲ ਲਈ ਅਗੇਤੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਜ਼ਿਲ੍ਹੇ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਪੱਕੇ ਤੌਰ ਤੇ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਕੀਤੇ ਜਾ ਰਹੇ ਦੌਰੇ ਦੌਰਾਨ ਜਿਥੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਤੋਂ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਸਬੰਧੀ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਂਦੀ ਹੈ ਉਥੇ ਹੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਇਸ ਤਕਨੀਕ ਨਾਲ ਹੋਏ ਲਾਭ ਬਾਰੇ ਵੀ ਤਜ਼ਰਬੇ ਸਾਂਝੇ ਕੀਤੇ ਜਾਂਦੇ ਹਨ ਤਾਂ ਜੋ ਦੂਸਰੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਦੀ ਇਸ ਫੇਰੀ ਦੌਰਾਨ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਫਸਲ ਬੀਜਣ ਵਾਲੇ ਕਿਸਾਨਾਂ ਨੇ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਜਿਥੇ ਉਨ੍ਹਾਂ ਦੇ ਖੇਤੀ ਖਰਚੇ ਘੱਟ ਹੋਏ ਹਨ ਉਥੇ ਹੀ ਫਸਲ ਦੀ ਗੁਣਵੱਤਾ ਵੀ ਬਿਹਤਰ ਹੋਈ ਹੈ ਤੇ ਝਾੜ ਵੱਧਣ ਦੀ ਵਧੇਰੇ ਆਸਾਰ ਨਜ਼ਰ ਆ ਰਹੇ ਹਨ। ਇਨ੍ਹਾਂ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਇਹ ਵੀ ਦੱਸਿਆ ਕਿ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀ ਗਈ ਖੇਤੀ ਮਸ਼ੀਨਰੀ ਕਿਸਾਨਾਂ ਲਈ ਵਧੇਰੇ ਲਾਹੇਵੰਦ ਸਾਬਤ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਆਧੁਨਿਕ ਖੇਤੀ ਮਸ਼ੀਨਾਂ ਵੱਧ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ। ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦਾ ਖਾਤਮਾ ਕਰਨ ਲਈ ਕੀਤੇ ਜਾ ਰਹੇ ਇਨ੍ਹਾਂ ਉਪਰਾਲਿਆਂ ਦੀ ਕਿਸਾਨਾਂ ਵੱਲੋਂ ਭਰਪੂਰ ਸ਼ਲਾਘਾ ਵੀ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਸੰਜੀਵ ਕੁਮਾਰ, ਮੁੱਖ ਖੇਤੀਬਾੜੀ ਅਫਸਰ ਸੰਦੀਪ ਕੁਮਾਰ, ਖੇਤੀਬਾੜੀ ਵਿਕਾਸ ਅਫਸਰ ਦਮਨ ਝਾਂਜੀ ਤੇ ਚਰਨਜੀਤ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਮਨਦੀਪ ਕੌਰ ਤੋਂ ਇਲਾਵਾ ਪਿੰਡਾਂ ਦੇ ਕਿਸਾਨ ਵੀ ਹਾਜਰ ਸਨ।