- ਅਧਿਕਾਰੀ ਆਪਸੀ ਤਾਲਮੇਲ ਨਾਲ ਮਨੁੱਖੀ ਅਧਿਕਾਰਾਂ ਦੀ ਕਰਨ ਰਾਖੀ
- ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਸ਼ਲਾਘਾ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਬਾਲ ਕ੍ਰਿਸ਼ਨ ਗੋਇਲ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 23 ਜਨਵਰੀ : ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਸ਼੍ਰੀ ਬਾਲ ਕ੍ਰਿਸ਼ਨ ਗੋਇਲ ਨੇ ਅੱਜ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੋਇਲ ਨੇ ਦੱਸਿਆ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੁਨੀਆਂ ਦਾ ਸਭ ਤੋਂ ਵੱਡਾ ਕਮਿਸ਼ਨ ਹੈ ਜਿਸ ਨੂੰ ਯੁਨਾਈਟਿਡ ਨੇਸ਼ਨ ਵੱਲੋਂ ਏ ਗਰੇਡ ਮਿਲਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਕੋਲ ਕੇਸਾਂ ਦੀ ਨਿਰਪੱਖ ਜਾਂਚ ਕਰਵਾਉਣ ਲਈ ਆਪਣੀਆਂ ਟੀਮਾਂ ਹਨ ਅਤੇ ਕਮਿਸ਼ਨ ਦੇ 12 ਹੋਰ ਮੋਨੀਟਰ ਵੱਖ-ਵੱਖ ਖੇਤਰਾਂ ਨਾਲ ਸਬੰਧਤ ਕੇਸਾਂ ਦੀ ਨਿਗਰਾਨੀ ਕਰਦੇ ਹਨ। ਸ਼੍ਰੀ ਗੋਇਲ ਨੇ ਕਿਹਾ ਕਿ ਅਕਸਰ ਪਬਲਿਕ ਡੀਲਿੰਗ ਵਾਲੇ ਸਰਕਾਰੀ ਅਦਾਰਿਆਂ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਜਾਂਦੀ ਹੈ ਜੋ ਕਿ ਜਾਗਰੂਕਤਾ ਦੀ ਘਾਟ ਕਾਰਨ ਵੀ ਹੋ ਸਕਦੀ ਹੈ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹਰੇਕ ਨਾਗਰਿਕ ਨੂੰ ਆਪਣੇ ਹੱਕਾਂ ਬਾਰੇ ਜਾਗਰੂਕ ਹੋਣਾ ਬਹੁਤ ਜਰੂਰੀ ਹੈ। ਉਨ੍ਹਾਂ ਮੀਟਿੰਗ ਵਿੱਚ ਹਾਜਰ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਆਪਸੀ ਤਾਲਮੇਲ ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਲਈ ਉਪਰਾਲੇ ਕੀਤੇ ਜਾਣ ਤਾਂ ਜੋ ਕਿਸੇ ਵੀ ਨਾਗਰਿਕ ਦੇ ਹੱਕਾਂ ਦੀ ਉਲੰਘਣਾ ਨਾ ਹੋ ਸਕੇ। ਸ਼੍ਰੀ ਬਾਲ ਕ੍ਰਿਸ਼ਨ ਗੋਇਲ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਅੰਦਰ ਆਉਣ ਵਾਲੇ ਮਰੀਜਾਂ ਲਈ ਸਾਫ-ਸਫਾਈ, ਸਾਫ ਸੁਥਰੇ ਪਖਾਨੇ, ਪੀਣ ਵਾਲਾ ਸਾਫ ਸੁਥਰਾ ਪਾਣੀ ਤੇ ਬੈਠਣ ਲਈ ਢੁਕਵੀਂ ਥਾਂ ਹੋਣੀ ਜਰੂਰੀ ਹੈ, ਇਸੇ ਤਰ੍ਹਾਂ ਸਕੂਲਾਂ ਅੰਦਰ ਵੀ ਬੱਚਿਆਂ ਲਈ ਅਜਿਹੀਆਂ ਬੁਨਿਆਦੀ ਲੋੜਾਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਓਲਡ ਏਜ ਹੋਮ ਵਿੱਚ ਰਹਿ ਰਹੇ ਬਜੁਰਗਾਂ ਦੀ ਨਿਰੰਤਰ ਸਿਹਤ ਜਾਂਚ ਤੇ ਲੋੜੀਂਦੀਆਂ ਦਵਾਈਆਂ ਉਪਲਬਧ ਕਰਵਾਉਣ ਤੇ ਜੋਰ ਵੀ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਬਾਲ ਮਜਦੂਰੀ ਨੂੰ ਰੋਕਣ ਲਈ ਸਾਰੇ ਵਿਭਾਗਾਂ ਵੱਲੋਂ ਆਪਸੀ ਸਹਿਯੋਗ ਨਾਲ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਖਤੀ ਨਾਲ ਪਹਿਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਭਰੋਸਾ ਵੀ ਦਿੱਤਾ ਕਿ ਕਮਿਸ਼ਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ, ਡੀ.ਐਸ.ਪੀ. ਸ਼੍ਰੀ ਹਰਕੰਵਲ ਸਿੰਘ, ਜ਼ਿਲ੍ਹਾ ਮਾਲ ਅਫਸਰ ਸ਼੍ਰੀ ਕਰੁਣ ਗੁਪਤਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਹਰਭਜਨ ਸਿੰਘ ਮਹਿਮੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਮੇਟੀ ਮੈਂਬਰ ਹਾਜਰ ਸਨ