- ਜਰਨੈਲ ਜੱਸਾ ਸਿੰਘ ਰਾਮਗੜ੍ਹੀਆਂ ਦੇ ਜੀਵਨ ਤੋਂ ਸੇਧ ਲੈਣ ਦੀ ਜ਼ਰੂਰਤ : ਸਾਕਸ਼ੀ ਸਾਹਨੀ
- ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਫ਼ਤਿਹ ਮਾਰਚ ਦਾ ਪਟਿਆਲਾ ਪੁੱਜਣ ’ਤੇ ਭਰਵਾਂ ਸਵਾਗਤ
ਪਟਿਆਲਾ, 22 ਅਪ੍ਰੈਲ : ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਆਰੰਭ ਹੋਏ ਖ਼ਾਲਸਾ ਫ਼ਤਿਹ ਮਾਰਚ ਦਾ ਪਟਿਆਲਾ ਪੁੱਜਣ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਇੱਥੇ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਭਰਵਾਂ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ। ਇਸ ਉਪਰੰਤ ਗੁਰੂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਵੀ ਮੌਜੂਦ ਸਨ। ਜਦੋਂਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਟਾਫ਼ ਨੇ ਨਗਰ ਕੀਰਤਨ 'ਚ ਸੁੰਦਰ ਪਾਲਕੀ ਸਾਹਿਬ 'ਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੰਗਤ ਨੂੰ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆਂ ਦੀ ਤੀਜੀ ਜਨਮ ਸ਼ਤਾਬਦੀ ਦੀ ਵਧਾਈ ਦਿੰਦਿਆਂ ਕਿਹਾ ਕਿ ਮਹਾਨ ਸਿੱਖ ਜਰਨੈਲ ਦੇ ਜੀਵਨ ਤੋਂ ਸੇਧ ਲੈਣ ਦੀ ਜ਼ਰੂਰਤ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਕਿਹਾ ਕਿ 16 ਅਪ੍ਰੈਲ ਤੋਂ ਸ਼ੁਰੂ ਹੋਇਆ ਖਾਲਸਾ ਫਤਿਹ ਮਾਰਚ 4 ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਵੇਗਾ।