ਫ਼ਤਹਿਗੜ੍ਹ ਸਾਹਿਬ, 09 ਨਵੰਬਰ : ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਬੱਚਤ ਭਵਨ ਵਿਖੇ ਲਗਾਏ ਕੈਂਪ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਉਠਾਇਆ। ਇਸ ਕੈਂਪ ਦਾ ਨਰੀਖਣ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨਜ ਜੱਜ ਸ਼੍ਰੀ ਅਰੁਣ ਗੁਪਤਾ ਨੇ ਕਿਹਾ ਕਿ ਆਮ ਲੋਕਾਂ ਨੂੰ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਲਗਾਏ ਗਏ ਇਸ ਕੈਂਪ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਜ਼ਿਲ੍ਰਾ ਪ੍ਰੋਗਰਾਮ ਅਫਸਰ, ਲੇਬਰ ਦਫ਼ਤਰ, ਸਿਵਲ ਸਰਜਨ ਅਤੇ ਹੋਰ ਪਬਲਿਕ ਸੇਵਾਵਾਂ ਨਾਲ ਜੁੜੇ ਵਿਭਾਗਾਂ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮੁਸ਼ਕਲਾਂ ਵੀ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਮੌਕੇ ਤੇ ਹੀ ਹੱਲ ਕਰਨ ਲਈ ਉਪਰਾਲੇ ਕੀਤੇ ਗਏ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਆਮ ਲੋਕ ਆਪਣੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਹੋ ਸਕਣ।