ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ “ਡਰੱਗ ਅਡਿਕਸ਼ਨ-ਡੇਮੈਜ ਟੂ ਮੈਨਕਾਈਂਡ” ਮੁਹਿੰਮ ਦੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਸਤੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸਿ਼ਆਂ ਖਿਲਾਫ਼ ਆਰੰਭੀ“ਡਰੱਗ ਅਡਿਕਸ਼ਨ-ਡੇਮੈਜ ਟੂ ਮੈਨਕਾਈਂਡ”  ਮੁਹਿੰਮ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਮਹਿੰਦਰਾ ਐਂਡ ਮਹਿੰਦਰਾ, ਸਵਰਾਜ ਡਵੀਜ਼ਨ, ਫੇਜ਼-4, ਮੋਹਾਲੀ ਵਿਖੇ ਫੈਕਟਰੀ ਕਰਮਚਾਰੀਆਂ ਅਤੇ ਵਰਕਰਾਂ ਨੂੰ ਨਸਿ਼ਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਨਜਿੰਦਰ ਸਿੰਘ ਨੇ ਕਰਮਚਾਰੀਆਂ ਅਤੇ ਵਰਕਰਾਂ ਨੂੰ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਜਿਹੜੇ ਲੋਕ ਨਸ਼ੇ ਦੇ ਆਦੀ ਹੁੰਦੇ ਹਨ, ਉਹਨਾਂ ਨੂੰ ਛੂਤ ਵਾਲੀ ਬਿਮਾਰੀ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਨਸ਼ਾ ਕਰਨ ਵਾਲੇ ਲੋਕਾਂ ਨੂੰ ਅਕਸਰ ਇੱਕ ਜਾਂ ਇੱਕ ਤੋਂ ਵੱਧ ਸਿਹਤ ਸਬੰਧੀ ਸਮੱਸਿਆਵਾਂ ਹੁੰਦੀਆਂ ਹਨ, ਜਿਸ ਵਿੱਚ ਫੇਫੜੇ ਜਾਂ ਦਿਲ ਦੀ ਬਿਮਾਰੀ, ਸਟ੍ਰੋਕ, ਕੈਂਸਰ, ਜਾਂ ਮਾਨਸਿਕ ਸਿਹਤ ਸਥਿਤੀਆਂ ਸ਼ਾਮਲ ਹੋ ਸਕਦੀਆਂ ਹਨ। ਵਧੀਕ ਮੈਂਬਰ ਸਕੱਤਰ ਸ੍ਰੀਮਤੀ ਸਮਰਿਤੀ ਧੀਰ ਵਲੋਂ ਦੱਸਿਆ ਗਿਆ ਕਿ ਇਸ ਮੁਹਿੰਮ ਦਾ ਮੰਤਵ ਰਾਜ ਦੇ ਲੋਕਾਂ ਵਿਚ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਕਾਨੂੰਨੀ ਸੇਵਾਵਾਂ ਅਥਾਰਟੀਆਂ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਨਾਲ ਖੜੀਆਂ ਹਨ। ਇਸ ਮੌਕੇ ‘ਤੇ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਵੀ ਕਰਮਚਾਰੀਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਜਾਣ-ਪਹਿਚਾਣ ਜਾਂ ਆਸ-ਪਾਸ ਕੋਈ ਅਜਿਹਾ ਵਿਅਕਤੀ ਜਿਹੜਾ ਕਿ ਨਸਿ਼ਆਂ ਦਾ ਆਦੀ ਹੋਵੇ, ਆਪਣਾ ਇਲਾਜ ਕਰਵਾਉਣਾ ਚਾਹੁੰਦਾ ਹੈ, ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਉਸ ਦੇ ਇਲਾਜ ਦਾ ਪ੍ਰਬੰਧ ਰੀਹੈਬਲੀਟੇਸ਼ਨ (ਮੁੜਵਸੇਬਾ ਕੇਂਦਰ) ਸੈਂਟਰ ਵਿਚ ਮੁਫ਼ਤ ਵਿਚ ਕਰਵਾਉਣ ਦਾ ਪ੍ਰਬੰਧ ਕਰੇਗੀ।