- ਕਿਸਾਨਾਂ ਦੀ 100 ਫੀਸਦ ਉਪਜ ਖਰੀਦੀ, 99 ਫੀਸਦ ਫਸਲ ਦਾ ਭੁਗਤਾਨ ਵੀ ਕੀਤਾ - ਸੁਰਭੀ ਮਲਿਕ
- ਦੁਹਰਾਇਆ! ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਸ਼ਾਸਨ ਕਿਸਾਨਾਂ ਨੂੰ ਸੁਚਾਰੂ ਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ
ਲੁਧਿਆਣਾ, 11 ਮਈ : ਕਣਕ ਦੀ 100 ਫੀਸਦੀ ਖਰੀਦ ਅਤੇ ਖਰੀਦੀ ਫਸਲ ਲਈ ਕਿਸਾਨਾਂ ਨੂੰ 99 ਫੀਸਦੀ ਅਦਾਇਗੀਆਂ ਪਹਿਲਾਂ ਹੀ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਸੀਜ਼ਨ ਨੂੰ ਸੁਚਾਰੂ ਤੇ ਨਿਰਵਿਘਨ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਜ਼ਿਲ੍ਹਾ ਲੁਧਿਆਣਾ ਵਿੱਚ, ਖਰੀਦ ਏਜੰਸੀਆਂ ਵਲੋਂ ਅਨਾਜ ਮੰਡੀਆਂ/ਖਰੀਦ ਕੇਂਦਰਾਂ ਤੋਂ 8.06 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ ਜੋ ਕਿ ਆਮਦ ਹੋਈ ਫਸਲ ਦਾ ਲਗਭਗ 99.99 ਪ੍ਰਤੀਸ਼ਤ ਹੈ। ਪਿਛਲੇ 72 ਘੰਟਿਆਂ ਵਿੱਚ ਖਰੀਦ ਏਜੰਸੀਆਂ ਵਲੋਂ 92 ਫੀਸਦੀ ਸਟਾਕ ਦੀ ਲਿਫਟਿੰਗ ਕਰ ਲਈ ਹੈ ਅਤੇ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ ਕਿਉਂਕਿ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨਾ ਵਰਤਣ ਸਬੰਧੀ ਅਗਾਊਂ ਚਿਤਾਵਨੀ ਜਾਰੀ ਕਰ ਦਿੱਤੀ ਗਈ ਸੀ। ਇਸ ਤੋਂ ਇਲਾਵਾ ਪਿਛਲੇ 48 ਘੰਟਿਆਂ ਦੌਰਾਨ 1705.8 ਕਰੋੜ ਰੁਪਏ ਦੀਆਂ ਅਦਾਇਗੀਆਂ ਹੋਣੀਆਂ ਸਨ ਪਰ ਸਰਕਾਰ ਵਲੋਂ 1695.8 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਹੈ ਜੋ ਕਿ ਲਗਭਗ 99 ਫੀਸਦੀ ਬਣਦੀ ਹੈ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੁਹਰਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖਰੀਦ ਸੀਜ਼ਨ ਨੂੰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਫਸਲ ਦੀ ਤੁਰੰਤ ਖਰੀਦ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਖਰੀਦਦਾਰ ਦੀ ਉਡੀਕ ਨਾ ਕਰਨੀ ਪਵੇ। ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਕਣਕ ਸੀਜ਼ਨ ਦੌਰਾਨ ਅਨਾਜ ਮੰਡੀਆਂ/ਖਰੀਦ ਕੇਂਦਰਾਂ ਵਿੱਚ ਆਉਂਦੇ ਹੀ ਫਸਲ ਦੀ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਤੰਤਰ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਨਿਯਮਤ ਦੌਰਾ ਕੀਤਾ ਅਤੇ ਲਗਾਤਾਰ ਨਿਗਰਾਨੀ ਕਰਦਿਆਂ ਰੋਜ਼ਾਨਾ ਰਿਪੋਰਟ ਸੌਂਪੀ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਅਤੇ ਉਪਰਾਲੇ ਕੀਤੇ ਗਏ ਹਨ।