ਐਸ.ਡੀ.ਐਮ ਵੱਲੋਂ ਕਲੱਸਟਰ ਅਫਸਰ ਅਤੇ ਨੋਡਲ ਅਫਸਰਾਂ ਨਾਲ ਮੀਟਿੰਗ

  • ਝੋਨੇ ਦੀ ਪਰਾਲੀ ਨੂੰ ਅੱਗ ਨਾ ਲੱਗਣ ਦੇਣ ਲਈ ਫੀਲਡ ਵਿੱਚ ਹਰ ਸਮੇਂ ਰਹਿਣ ਦੇ ਦਿੱਤੇ ਨਿਰਦੇਸ਼

ਫਰੀਦਕੋਟ 4  ਨਵੰਬਰ 2024 : ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਿਯੁਕਤ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਐਸ.ਡੀ.ਐਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਮੀਟਿੰਗ ਕਰਕੇ ਕੀਤੀ ਜਾ ਰਹੀ ਕਾਰਵਾਈ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲਿਆ। ਇਸ ਮੌਕੇ ਐਸ.ਡੀ.ਐਮ ਮੇਜਰ ਡਾ. ਵਰੁਣ ਕੁਮਾਰ ਨੇ ਸਮੂਹ ਕਲੱਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਇਲਾਕੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਸਮੇਂ ਸਮੇਂ ਤੇ ਮੁਹੱਈਆ ਕਰਵਾਉਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਆਪਣੇ ਸਾਰੇ ਕੰਮ ਛੱਡ ਕੇ ਫੀਲਡ ਵਿੱਚ ਰਹਿਣ ਤਾਂ ਜੋ ਕਿਤੇ ਵੀ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਨਾ ਆਵੇ। ਉਨ੍ਹਾਂ ਸਮੂਹ ਕਲੱਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਸੈਟੇਲਾਈਟ ਵੱਲੋਂ ਦਿੱਤੇ ਸਪੋਟਾਂ ਤੇ ਨੋ ਫਾਇਰ ਜੋਨ ਦੀਆਂ ਤਸਵੀਰਾਂ, ਵੀਡੀਓ ਵੀ ਸਬੂਤ ਵਜੋਂ ਕੋਲ ਰੱਖਣ ਤਾਂ ਜੋ ਕਿਸੇ ਕਿਸਮ ਦੀ ਕੋਈ ਅਣਗਹਿਲੀ ਸਾਹਮਣੇ ਨਾ ਆਵੇ। ਉਨ੍ਹਾਂ ਸਮੂਹ ਨੋਡਲ ਅਫਸਰਾਂ, ਕਲੱਸਟਰ ਅਫਸਰਾਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਜਿਲ੍ਹਾ ਪ੍ਰਸ਼ਾਸ਼ਨ ਨੂੰ ਸੂਚਿਤ ਕਰਨ। ਇਸ ਮੌਕੇ ਜਿਲ੍ਹਾ ਫਰੀਦਕੋਟ ਦੇ ਕਲੱਸਟਰ ਅਫਸਰ ਅਤੇ ਨੋਡਲ ਅਫਸਰ ਹਾਜ਼ਰ ਸਨ।