ਵਿਧਾਇਕ ਭਰਾਜ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੇ ਨਵੇਂ ਦਫ਼ਤਰ ਦੀ ਇਮਾਰਤ ਦਾ ਕੀਤਾ ਉਦਘਾਟਨ

  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਸਦਕਾ ਸੰਗਰੂਰ ਅੱਜ ਸਕੂਲ ਸਿੱਖਿਆ ਦੇ ਖੇਤਰ ‘ਚ ਪੂਰੇ ਦੇਸ਼ ‘ਚੋ ਅੱਵਲ: ਨਰਿੰਦਰ ਕੌਰ ਭਰਾਜ 

ਸੰਗਰੂਰ, 2 ਫ਼ਰਵਰੀ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਇੱਥੇ ਸਥਾਨਕ ਮੈਗਜ਼ੀਨ ਮੁਹੱਲੇ ‘ਚ ਲਗਭਗ 1.17 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੇ ਨਵੇਂ ਦਫ਼ਤਰ ਦੀ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਦੇ ਖੇਤਰ ‘ਚ ਸੁਧਾਰ ਲਿਆਉਣ  ਲਈ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਗਏ ਹਨ ਅਤੇ ਇਨ੍ਹਾਂ ਨੀਤੀਆਂ ਸਦਕਾ ਸੰਗਰੂਰ ਅੱਜ ਸਕੂਲ ਸਿੱਖਿਆ ਦੇ ਖੇਤਰ ‘ਚ ਪੂਰੇ ਦੇਸ਼ ‘ਚੋ ਅੱਵਲ ਆਇਆ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਕੂਲਾਂ ਵਿੱਚ ਅਧਿਆਪਕਾਂ ਨੂੰ ਸਹੀ ਢੰਗ ਨਾਲ ਪੜ੍ਹਾਉਣ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤਾਂ ਜੋ ਵਿਦਿਆਰਥੀਆਂ ਦਾ ਸੁਨਿਹਰੀ ਭਵਿੱਖ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਆਪਕਾਂ ਦੀ ਬਦਲੀ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਨੀਤੀ ਇਸ ਗੱਲ ਦਾ ਪ੍ਰਤੱਖ ਸਬੂਤ ਹੈ। ਵਿਧਾਇਕ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ 471 ਐਲੀਮੈਂਟਰੀ ਸਕੂਲਾਂ ਦੇ 50 ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਅਤੇ ਕਰੀਬ 12 ਹਜ਼ਾਰ ਸਟਾਫ ਮੈਂਬਰਾਂ ਨਾਲ ਸਿੱਧੇ ਅਤੇ ਅਸਿੱਧੇ ਤੌਰ ‘ਤੇ ਸਬੰਧਤ ਇਸ ਦਫ਼ਤਰ ਦੀ ਇਮਾਰਤ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜਲਦ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਗਰੂਰ ਲਈ ਵੀ ਨਵੀਂ ਇਮਾਰਤ ਦੀ ਉਸਾਰੀ ਲਈ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।